ਦੀਨਾਨਗਰ (ਨੇਹਾ): ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਏ ਇਕ ਸ਼ਰਧਾਲੂ ਨਾਲ ਵੱਡੀ ਘਟਨਾ ਵਾਪਰਨ ਦੀ ਸੂਚਨਾ ਹੈ। ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਸਰਹੱਦੀ ਖੇਤਰ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਗਏ ਇੱਕ ਸ਼ਰਧਾਲੂ ਦਾ ਮੋਟਰਸਾਈਕਲ ਬਾਹਰੋਂ ਚੋਰੀ ਹੋ ਗਿਆ। ਪਰ ਚੋਰੀ ਦੀ ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਟਰਸਾਈਕਲ ਮਾਲਕ ਕੁਲਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ।
ਪੀੜਤ ਕੁਲਬੀਰ ਨੇ ਦੱਸਿਆ ਕਿ ਜਦੋਂ ਇਸ ਗੱਲ ਦੀ ਸੂਚਨਾ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਤਾਂ ਉਨ੍ਹਾਂ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਇੱਕ ਨੌਜਵਾਨ ਨੂੰ ਮੋਟਰਸਾਈਕਲ ਲੈ ਕੇ ਆਉਂਦਾ ਦੇਖਿਆ। ਇਸ ਤੋਂ ਬਾਅਦ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਸੀਸੀਟੀਵੀ ਕੈਮਰਿਆਂ ਦੇ ਆਧਾਰ 'ਤੇ ਚੋਰ ਦੀ ਭਾਲ ਕਰ ਰਹੀ ਹੈ। ਦੂਜੇ ਪਾਸੇ ਇਲਾਕੇ ਦੇ ਕੁਝ ਮੋਹਤਬਰ ਵਿਅਕਤੀਆਂ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਗੁਰਦੁਆਰਾ ਸਾਹਿਬ ’ਚੋਂ ਲੋਕਾਂ ਦੇ ਮੋਟਰਸਾਈਕਲ ਚੋਰੀ ਹੋਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕਾਂ ਤੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ਰਧਾਲੂਆਂ ਨਾਲ ਅਜਿਹੀਆਂ ਘਟਨਾਵਾਂ ਨਾ ਵਾਪਰਨ |