ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਕੈਦੀਆਂ ਵਿਚਾਲੇ ਖ਼ੂਨੀ ਝੜਪ

by nripost

ਲੁਧਿਆਣਾ (ਰਾਘਵ): ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਦੇ ਗਰੁੱਪਾਂ ਵਿਚਾਲੇ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਇਕ ਹਵਾਲਾਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਸਿਵਲ ਹਸਪਤਾਲ ਵਿਚ ਜ਼ਖ਼ਮੀ ਹਵਾਲਾਤੀ ਹਰਸ਼ਦੀਪ ਸਿੰਘ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਜਾਣ ਕਾਰਨ ਇਕ ਹੋਰ ਕੈਦੀ ਨੇ ਉਸ ਦੇ ਸਿਰ 'ਤੇ ਕੜੇ ਨਾਲ ਹਮਲਾ ਕਰ ਦਿੱਤਾ। ਇਸ ਨਾਲ ਉਹ ਖ਼ੂਨੋਖ਼ੂਨ ਹੋ ਗਿਆ। ਮੁਲਾਜ਼ਮਾਂ ਵੱਲੋਂ ਉਸ ਨੂੰ ਜੇਲ੍ਹ ਹਸਪਤਾਲ ਲਿਜਾਇਆ ਗਿਆ, ਜਿੱਥੇ ਮੈਡੀਕਲ ਅਫ਼ਸਰ ਨੇ ਉਸ ਦੀ ਹਾਲਤ ਨੂੰ ਵੇਖਦਿਆਂ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ। ਉੱਥੇ ਉਸ ਦੇ ਸਿਰ 'ਤੇ ਟਾਂਕੇ ਲਗਾਏ ਗਏ। ਜੇਲ੍ਹ ਪ੍ਰਸ਼ਾਸਨ ਘਟਨਾ ਦੀ ਜਾਂਚ ਕਰ ਰਿਹਾ ਹੈ। ਮੈਡੀਕਲ ਰਿਪੋਰਟ ਆਉਣ ਮਗਰੋਂ ਮੁਲਜ਼ਮ 'ਤੇ ਕਾਰਵਾਈ ਕੀਤੀ ਜਾਵੇਗੀ।