ਕਪੂਰਥਲਾ : ਜ਼ਿਲੇ ਵਿਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਅਮਲੇ ਦੀ ਅੱਜ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਵੀਡੀਓ ਕਾਨਫਰੰਸ ਹਾਲ ਵਿੱਚ ਹੋਈ ਇਸ ਰੈਂਡੇਮਾਈਜ਼ੇਸ਼ਨ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜ. ਖਰਬੰਦਾ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ 768 ਪੋਲਿੰਗ ਬੂਥਾਂ 'ਤੇ ਸਾਰੇ ਢੁਕਵੇਂ ਇੰਤਜ਼ਾਮ ਕੀਤੇ ਜਾਣਗੇ। ਉਨਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸ੍ਰੀ ਸਕੱਤਰ ਸਿੰਘ ਬੱਲ, ਸ. ਜੈ ਇੰਦਰ ਸਿੰਘ ਤੇ ਸ੍ਰੀਮਤੀ ਨਵਨੀਤ ਕੌਰ ਬੱਲ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਜ਼ਿਲਾ ਇਨਫਾਰਮੈਟਿਕ ਅਫ਼ਸਰ ਸ੍ਰੀ ਸੰਜੀਵ ਗਾਬਾ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਹੋਰ ਅਧਿਕਾਰੀ ਹਾਜ਼ਰ ਸਨ।