ਹੁਸ਼ਿਆਰਪੁਰ : 1 ਅਗਸਤ ਤੋਂ 10 ਅਗਸਤ ਤੱਕ ਲੱਗਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸਿਵਲ, ਜ਼ਿਲ੍ਹਾ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਸੰਗਤਾਂ ਨੂੰ ਕੋਈ ਸਮੱਸਿਆ ਨਾ ਆਵੇ, ਇਸ ਲਈ 16 ਕਿਲੋਮੀਟਰ ਦੇ ਰਸਤੇ ਨੂੰ 5 ਸੈਕਟਰਾਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸੈਕਟਰ ਵਿੱਚ ਇਕ ਡਿਊਟੀ ਮੈਜਿਸਟਰੇਟ, ਡੀ.ਐਸ.ਪੀ. ਅਤੇ ਗਾਰਡੀਅਨ ਆਫ ਗਵਰਨੈਂਸ ਦਾ ਮੈਂਬਰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਟੀਮ ਵਲੋਂ ਲੰਗਰ ਕਮੇਟੀਆਂ ਵਲੋਂ ਪ੍ਰਾਪਤ ਕੀਤੀਆਂ ਗਈਆਂ ਪ੍ਰਵਾਨਗੀਆਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸਫਲ ਬਣਾਉਣ ਲਈ ਇਸ ਵਾਰ ਜੀ.ਓ.ਜੀ. ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 1 ਅਗਸਤ ਤੋਂ 10 ਅਗਸਤ ਤੱਕ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ ਨੂੰ ਜਾਣ ਵਾਲਾ ਰਸਤਾ ਵਨ-ਵੇਅ ਹੋਵੇਗਾ। ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ, ਜਦਕਿ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਹ ਰੂਟ ਫਾਈਨਲ ਕੀਤਾ ਗਿਆ ਸੀ, ਜੋ ਕਾਫੀ ਸਫਲ ਰਿਹਾ ਅਤੇ ਇਸ ਵਾਰ ਵੀ ਸੰਗਤਾਂ ਲਈ ਇਹੀ ਰੂਟ ਫਾਈਨਲ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਸ਼ਾਸ਼ਨ ਦੁਆਰਾ ਤੈਅ ਕੀਤੇ ਗਏ ਇਸੇ ਰੂਟ ਦੀ ਪਾਲਣਾ ਕਰਨ, ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਡੀ.ਜੇ. ਲਈ ਪ੍ਰਸ਼ਾਸ਼ਨ ਵਲੋਂ ਕੋਈ ਮਨਜੂਰੀ ਨਹੀਂ ਦਿੱਤੀ ਜਾਵੇਗੀ, ਬਲਕਿ ਲੰਗਰ ਕਮੇਟੀਆਂ ਵਲੋਂ ਲਾਊਡ ਸਪੀਕਰ ਲਗਾਉਣ ਲਈ ਐਸ.ਡੀ.ਐਮ. ਤੋਂ ਮਨਜੂਰੀ ਲੈਣੀ ਲਾਜ਼ਮੀ ਹੋਵੇਗੀ।
ਉਨ੍ਹਾਂ ਕਿਹਾ ਕਿ ਛੋਟੇ ਹਾਥੀ 'ਤੇ ਵੀ ਲਾਊਡ ਸਪੀਕਰ ਚਲਾਉਣ ਦੀ ਮਨਜੂਰੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿ ਜ਼ਿਆਦਾ ਆਵਾਜ਼ ਵਾਲੇ ਲਾਊਡ ਸਪੀਕਰਾਂ ਤੋਂ ਇਲਾਵਾ ਛੋਟੇ ਹਾਥੀ 'ਤੇ ਲਾਏ ਲਾਊਡ ਸਪੀਕਰਾਂ 'ਤੇ ਸਖਤ ਕਾਰਵਾਈ ਕੀਤੀ ਜਾਵੇ। ਸ਼੍ਰੀਮਤੀ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ 1 ਤੋਂ 10 ਅਗਸਤ ਤੱਕ ਡਾਕਟਰੀ ਟੀਮਾਂ ਵੀ ਤਾਇਨਾਤ ਕੀਤੀਆਂ ਜਾਣ, ਤਾਂ ਜੋ 24 ਘੰਟੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਫੂਡ ਸੇਫਟੀ ਟੀਮ ਵੀ ਤਾਇਨਾਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੰਗਰ ਕਮੇਟੀਆਂ ਨੂੰ ਲੰਗਰ ਲਗਾਉਣ ਅਤੇ ਲਾਊਡ ਸਪੀਕਰਾਂ ਦੀ ਮਨਜੂਰੀ ਐਸ.ਡੀ.ਐਮ ਦਫ਼ਤਰ ਹੁਸ਼ਿਆਰਪੁਰ ਤੋਂ ਦਿੱਤੀ ਜਾਵੇਗੀ, ਜਿਸ ਲਈ ਲੰਗਰ ਕਮੇਟੀਆਂ ਦੀ ਸਹੂਲਤ ਲਈ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿਖੇ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਇਕ ਹੀ ਛੱਤ ਥੱਲੇ ਰਜਿਸਟਰੇਸ਼ਨ ਆਦਿ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਹੀ ਮੇਲੇ ਦੇ ਪੁਖਤਾ ਪ੍ਰਬੰਧ ਕੀਤੇ ਜਾ ਸਕਦੇ ਹਨ, ਇਸ ਲਈ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਪ੍ਰਸ਼ਾਸ਼ਨ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰ ਸਮੇਂ ਪੱਤਲਾਂ ਦੀ ਹੀ ਵਰਤੋਂ ਕੀਤੀ ਜਾਵੇ, ਤਾਂ ਜੋ ਸਫਾਈ ਵਿਵਸਥਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲੰਗਰ ਦੌਰਾਨ ਪੱਤਲਾਂ ਦੀ ਵਰਤੋਂ ਕਰਨ ਵਾਲੀਆਂ ਲੰਗਰ ਕਮੇਟੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਭਾਰਤੀ ਸਨਾਤਨ ਧਰਮ ਮਹਾਵੀਰ ਦਲ ਅਤੇ ਲੰਗਰ ਕਮੇਟੀਆਂ ਨੂੰ ਇਸ ਮੇਲੇ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਲੰਗਰ ਸੜਕ ਤੋਂ ਦੂਰੀ 'ਤੇ ਲਗਾਏ ਜਾਣ, ਤਾਂ ਜੋ ਟ੍ਰੈਫਿਕ ਵਿਵਸਥਾ ਅਤੇ ਸਫ਼ਾਈ ਵਿਵਸਥਾ ਬਰਕਰਾਰ ਰਹਿ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਪੀ.(ਐਚ) ਸ਼੍ਰੀ ਬਲਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਮੁਖੀ ਜੀ.ਓ.ਜੀ. ਸ਼੍ਰੀ ਮਨੋਹਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।