ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

by

ਚੰਡੀਗੜ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਗੁਲਾਟੀ ਨੇ ਦੱਸਿਆ ਕਿ ਅੱਧੇ ਘੰਟੇ ਤਕ ਇਸ ਮੁਲਾਕਾਤ ਦੌਰਾਨ ਉਨ੍ਹਾਂ ਵਿਦੇਸ਼ੀ ਲਾੜਿਆਂ ਵੱਲੋਂ ਵਿਆਹ ਕੇ ਛੱਡੀਆਂ ਗਈਆਂ ਕੁੜੀਆਂ ਦਾ ਮੁੱਦਾ ਵਿਸ਼ੇਸ਼ ਤੌਰ 'ਤੇ ਉਠਾਇਆ ਤੇ ਮੰਗ ਕੀਤੀ ਕਿ ਇਸ ਸਬੰਧੀ ਕੋਈ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਐਨਆਰਆਈ ਦੇਸ਼ ਦੀ ਕੁੜੀਆਂ ਨਾਲ ਵਿਆਹ ਦੇ ਨਾਂ 'ਤੇ ਧੋਖਾ ਨਾ ਕਰ ਸਕਣ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਗੀਤਾਂ 'ਤੇ ਫਿਲਮਾਂ ਰਾਹੀਂ ਔਰਤਾਂ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਵੀ ਮਸਲਾ ਉਠਾਇਆ ਤੇ ਮੰਗ ਕੀਤੀ ਕਿ ਹਰੇਕ ਰਾਜ 'ਚ ਗੀਤਾਂ ਲਈ ਫਿਲਮਾਂ ਦੀ ਤਰਜ਼ 'ਤੇ ਇਕ ਸੈਂਸਰ ਬੋਰਡ ਦੀ ਸਥਾਪਨਾ ਕੀਤੀ ਜਾਵੇ ਤੇ ਉਸ 'ਚ ਮਹਿਲਾ ਕਮਿਸ਼ਨ ਦੀ ਪ੍ਰਤੀਨਿੱਧ ਨੂੰ ਜਰੂਰ ਸ਼ਾਮਲ ਕੀਤਾ ਜਾਵੇ।

ਗੁਲਾਟੀ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਰਾਜ ਕਮਿਸ਼ਨ ਵਲੋਂ ਗਾਇਕ ਹਨੀ ਸਿੰਘ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸਮੁੱਚੀ ਗੱਲਬਾਤ ਦੌਰਾਨ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਮਸਲਿਆਂ 'ਤੇ ਜਲਦ ਤੋਂ ਜਲਦ ਕਾਰਵਾਈ ਕਰਨਗੇ।