ਕੇਂਦਰ ਸਰਕਾਰ ਨੇ ਲਿਆ ਵੱਡਾ ਫੈਂਸਲਾ, ਰਾਜੋਆਣਾ ਦੀ ਮੌਤ ਦੀ ਸਜ਼ਾ ਕੀਤੀ ਉਮਰ ਕੈਦ ’ਚ ਤਬਦੀਲ

by mediateam

ਨਵੀਂ ਦਿੱਲੀ (Vikram Sehajpal) : ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਦੀਆਂ ਜੇਲ੍ਹਾਂ ਵਿਚੋਂ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪਟਿਆਲਾ ਦੀ ਜੇਲ੍ਹ ’ਚ ਬੰਦ ਬੱਬਰ ਖ਼ਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਦੀ ਸਜ਼ਾ ਨੂੰ ਵੀ ਉਮਰ ਕੈਦ 'ਚ ਤਬਦੀਲ ਕਰ ਦਿੱਤਾ ਹੈ। 1995 ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਤਹਿਤ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ-ਏ-ਮੌਤ ਦੀ ਸਜਾ ਸੁਣਾਈ ਗਈ ਸੀ। ਹੁਣ ਸਰਕਾਰ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਨਾਲ ਹੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜਾ ਨੂੰ ਮੁਆਫ ਕਰਕੇ ਉਮਰ ਕੈਦ 'ਚ ਤਬਦੀਲ ਕਰ ਦਿੱਤਾ ਹੈ।

ਇਸ ਖ਼ਬਰ ਦੀ ਜਾਣਕਾਰੀ ਮਿਲਦਿਆਂ ਹੀ ਭਾਈ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਖੁਸ਼ੀ ਜਾਹਿਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਭਰਾ ਦੀ ਰਿਹਾਈ ਵੀ ਹੋ ਜਾਵੇ ਤਾਂ ਇਸ ਤੋਂ ਵੱਡੀ ਗੱਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਬੀਤੇ 24 ਸਾਲ ਤੋਂ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਲਈ ਉਹ ਵੱਡੇ ਯਤਨ ਵੀ ਕਰ ਚੁੱਕੇ ਹਨ।ਰਿਹਾਅ ਕੀਤੇ ਜਾਣ ਵਾਲੇ ਸਿੱਖ ਕੈਦੀਆਂ ਵਿੱਚ ਲੁਧਿਆਣਾ ਜੇਲ੍ਹ ਵਿੱਚ ਬੰਦ ਸੁਬੇਗ ਸਿੰਘ, ਨਾਭਾ ਜੇਲ੍ਹ 'ਚ ਕੈਦ ਲਾਲ ਸਿੰਘ, ਦਿਲਬਾਗ ਸਿੰਘ, ਸਰਨ ਸਿੰਘ, ਅੰਮ੍ਰਿਤਸਰ ਜੇਲ੍ਹ ਵਿੱਚ ਕੈਦ ਹਰਦੀਪ ਸਿੰਘ ਤੇ ਬਾਜ ਸਿੰਘ, ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਨੰਦ ਸਿੰਘ, ਕਰਨਾਟਕ ਦੀ ਇੱਕ ਜੇਲ੍ਹ ਵਿੱਚ ਬੰਦ ਗੁਰਦੀਪ ਸਿੰਘ ਖੇਰਵ ਤੇ ਉੱਤਰ ਪ੍ਰਦੇਸ਼ ਦੀ ਬਰੇਲੀ ਜੇਲ੍ਹ ਵਿੱਚ ਕੈਦ ਵਰਿਆਮ ਸਿੰਘ ਸ਼ਾਮਲ ਹਨ। 

ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਪ੍ਰਸਤਾਵਿਤ ਰਿਹਾਈਆਂ ਲਈ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼ ਕਰ ਕੇ ਭੇਜੀ ਸੀ ਤੇ ਇਹ ਸਾਰੇ ਨਾਂਅ ਰਿਹਾਈ ਲਈ ਪ੍ਰਵਾਨ ਹੋ ਗਏ ਹਨ।ਦੱਸਣਯੋਗ ਹੈ ਕਿ ਇਨ੍ਹਾਂ ਕੈਦੀਆਂ ਨੂੰ ਪੰਜਾਬ ਵਿੱਚ ਅੱਤਵਾਦ ਦੌਰਾਨ ਵੱਖ-ਵੱਖ ਅਦਾਲਤਾਂ ਨੇ ਸਜ਼ਾ ਸੁਣਾਈ ਸੀ। ਸਰਕਾਰ ਨੇ ਇਸ ਸਬੰਧ ਵਿੱਚ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੈਦੀਆਂ ਦੀ ਰਿਹਾਈ ਲਈ ਨਿਰਦੇਸ਼ ਭੇਜ ਦਿੱਤੇ ਹਨ। ਜ਼ਿਕਰਯੋਗ ਹੈ ਕਿ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਹਾੜੇ ਦੇ ਮੱਦੇਨਜ਼ਰ ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਬੰਦ 1424 ਕੈਦੀਆਂ ਨੂੰ ਸਪੈਸ਼ਲ ਰਿਮਿਸ਼ਨ ਸਕੀਮ ਤਹਿਤ ਰਿਹਾਅ ਕੀਤਾ ਜਾ ਚੁੱਕਿਆ ਹੈ।