ਵੈੱਬ ਡੈਸਕ (Vikram Sehajpal) : ਮਲੇਸ਼ੀਆਈ ਪ੍ਰਧਾਨ ਮੰਤਰੀ ਮਹਾਤਿਰ ਮੁਹੰਮਦ ਨੇ ਸੰਯੁਕਤ ਰਾਸ਼ਟਰ 'ਚ ਕਸ਼ਮੀਰ ਦਾ ਮੁੱਦਾ ਚੁੱਕਦੇ ਹੋਏ ਦੋਸ਼ ਲਗਾਇਆ ਕਿ ਭਾਰਤ ਨੇ ਜੰਮੂ ਕਸ਼ਮੀਰ 'ਤੇ ਹਮਲਾ ਕਰਕੇ ਕਬਜ਼ਾ ਕੀਤਾ ਹੈ। ਉਨ੍ਹਾਂ ਆਖਿਆ ਕਿ ਭਾਰਤ ਨੂੰ ਇਸ ਮੁੱਦੇ ਦੇ ਹੱਲ ਲਈ ਪਾਕਿਸਤਾਨ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਮਲੇਸ਼ੀਆਈ ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ 'ਚ ਆਪਣੇ ਸੰਬੋਧਨ 'ਚ ਆਖਿਆ ਕਿ ਜੰਮੂ ਕਸ਼ਮੀਰ 'ਚ ਭਾਰਤ ਦੀ ਕਾਰਵਾਈ ਦੇ ਕਈ ਕਾਰਨ ਹੋ ਸਕਦੇ ਹਨ ਪਰ ਇਸ ਦੇ ਬਾਵਜੂਦ ਇਹ ਗਲਤ ਹੈ। ਉਨ੍ਹਾਂ ਅੱਗੇ ਆਖਿਆ ਕਿ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਦੇ ਬਾਵਜੂਦ ਕਸ਼ਮੀਰ 'ਤੇ ਹਮਲਾ ਕੀਤਾ ਅਤੇ ਫਿਰ ਕਬਜ਼ਾ ਕੀਤਾ ਹੈ।
ਉਨ੍ਹਾਂ ਆਖਿਆ ਕਿ ਸੰਯੁਕਤ ਰਾਸ਼ਟਰ ਦੀ ਅਣਦੇਖੀ ਨਾਲ ਹੋਰਨਾਂ ਵੱਲੋਂ ਸੰਯੁਕਤ ਰਾਸ਼ਟਰ ਅਤੇ ਕਾਨੂੰਨ ਦੇ ਸ਼ਾਸਨ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਭਾਰਤ ਨੂੰ ਇਸ ਸਮੱਸਿਆ ਨੂੰ ਹੱਲ ਕਰਨ ਲਈ ਪਾਕਿਸਤਾਨ ਦੇ ਨਾਲ ਕੰਮ ਕਰਨਾ ਚਾਹੀਦਾ। ਮਹਾਤਿਰ ਨੇ ਬਾਅਦ 'ਚ ਸੰਯੁਕਤ ਰਾਸ਼ਟਰ ਮੁੱਖ ਦਫਤਰ 'ਚ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਆਖਿਆ ਕਿ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ 'ਚ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਇਹ ਦੱਸਿਆ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਜੰਮੂ ਕਸ਼ਮੀਰ ਤੋਂ ਵਿਸ਼ੇਸ਼ ਦਰਜਾ ਕਿਉਂ ਵਾਪਸ ਲਿਆ ਤਾਂ ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਨੂੰ ਕਸ਼ਮੀਰ ਮੁੱਦੇ ਨੂੰ ਹਮਲੇ ਦੀ ਬਜਾਏ ਗੱਲਬਾਤ ਦੇ ਜ਼ਰੀਏ ਹੱਲ ਕਰਨ ਦੀ ਸਲਾਹ ਦਿੱਤੀ ਸੀ।