ਨਵੀਂ ਦਿੱਲੀ (ਦੇਵ ਇੰਦਰਜੀਤ)- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ 50ਵੇਂ ਦਿਨ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਾਰਕੰਡੇ ਕਾਟਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਜਸਟਿਸ ਕਾਟਜੂ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਕਿਸਾਨਾਂ ਵੱਲੋਂ ਐਲਾਨੀ ਗਈ 26 ਜਨਵਰੀ ਦੀ ਟਰੈਕਟਰ ਰੈਲੀ ਵਾਲੇ ਦਿਨ ਹਿੰਸਾ ਹੋ ਸਕਦੀ ਹੈੇੇ। ਉਨ੍ਹਾਂ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਜਸਟਿਸ ਕਾਟਜੂ ਜੋ ਮੋਦੀ ਸਰਕਾਰ ਦੇ ਕੱਟੜ ਆਲੋਚਕ ਹਨ, ਨੇ ਸਰਕਾਰ ਤੋਂ ਦੇਸ਼ ਭਰ ਵਿੱਚ ਪ੍ਰਦਰਸ਼ਨਾਂ ਦਾ ਕਾਰਨ ਬਣੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇਕ ਆਰਡੀਨੈਂਸ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਈ ਇਹੀ ਠੀਕ ਹੋਵੇਗਾ ਕਿ ਉਹ ਆਪਣੀ ਗ਼ਲਤੀ ਮੰਨ ਲਵੇ ਅਤੇ ਇਸ ਨੂੰ ਸੁਧਾਰ ਲਵੇ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਮੋਦੀ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਦਾ ਕੱਦ ਹੋਰ ਵਧ ਜਾਵੇਗਾ। ਸ੍ਰੀ ਕਾਟਜੂ ਨੇ ਕਿਹਾ ਕਿ ਜੇਕਰ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਗਣਤੰਤਰ ਦਿਵਸ ਮੌਕੇ ਜਦੋਂ ਸਰਕਾਰ ਕਿਸਾਨਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕੇਗੀ ਤਾਂ ਵੱਡੀ ਪੱਧਰ ’ਤੇ ਹਿੰਸਾ ਹੋ ਸਕਦੀ ਹੈ ਤੇ ਜੱਲ੍ਹਿਆਂਵਾਲਾ ਬਾਗ ਕਤਲੇਆਮ ਵਰਗੇ ਹਾਲਾਤ ਬਣ ਸਕਦੇ ਹਨ। ਉਨ੍ਹਾਂ ਸਰਕਾਰ ਨੂੰ ਇਕ ਉੱਚ ਤਾਕਤੀ ਕਿਸਾਨ ਕਮਿਸ਼ਨ ਨਿਯੁਕਤ ਕਰਨ ਦੀ ਸਲਾਹ ਵੀ ਦਿੱਤੀ ਹੈ, ਜਿਸ ਵਿੱਚ ਸਾਰੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ ਤੋਂ ਨੁਮਾਇੰਦੇ, ਸਰਕਾਰ ਤੇ ਖੇਤੀਬਾੜੀ ਮਾਹਿਰ ਸ਼ਾਮਲ ਹੋਣ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਤੌਖਲਿਆਂ ਨੂੰ ਪਹਿਲ ਦੇ ਅਧਾਰ ’ਤੇ ਸੁਣ ਕੇ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਕਈ ਮਹੀਨਿਆਂ ਵਿੱਚ ਕਈ ਮੀਟਿੰਗਾਂ ਕਰ ਕੇ ਇਸ ਮਾਮਲੇ ’ਚ ਕਿਸੇ ਨਤੀਜੇ ’ਤੇ ਪਹੁੰਚਣਾ ਚਾਹੀਦਾ ਹੈ।