ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਟੁੱਟੀ, ਅਗਲੀ ਗੱਲਬਾਤ ਲਈ ਕੋਈ ਤਰੀਕ ਨਹੀਂ ਮਿੱਥੀ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ)- ਦਿੱਲੀ ਦੇ ਬਾਰਡਰਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੁਕਰਵਾਰ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਨਾਲ ਰੱਦ ਨਹੀਂ ਹੁੰਦੇ, ਉਹ ਘਰਾਂ ਨੂੰ ਨਹੀਂ ਪਰਤਣਗੇ। ਉਧਰ ਸਰਕਾਰ ਨੇ ਵੀ ਸਖ਼ਤ ਸਟੈਂਡ ਲੈਂਦਿਆਂ ਕਿਸਾਨ ਆਗੂਆਂ ਨੂੰ ਸਾਫ਼ ਆਖ ਦਿੱਤਾ ਕਿ ਉਹ ਸਾਰੇ ਸੰਭਾਵੀ ਬਦਲ ਦੇ ਚੁੱਕੇ ਹਨ ਅਤੇ ਕਿਸਾਨ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਉਪਰ ਮੁੜ ਗੌਰ ਕਰਨ। ਦੋਵਾਂ ਧਿਰਾਂ ’ਚ ਅਗਲੇ ਗੇੜ ਦੀ ਗੱਲਬਾਤ ਲਈ ਵੀ ਕੋਈ ਤਰੀਕ ਨਹੀਂ ਮਿੱਥੀ ਗਈ ਹੈ।

ਸਰਕਾਰ ਨੇ ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਮੁਅੱਤਲ ਕਰਨ ਦੀ ਤਜਵੀਜ਼ ’ਤੇ ਵਿਚਾਰ ਕਰਨ ਲਈ ਸਹਿਮਤ ਹੋ ਜਾਣਗੀਆਂ ਤਾਂ ਹੀ ਅਗਲੀ ਬੈਠਕ ਕੀਤੀ ਜਾਵੇਗੀ। ਸਰਕਾਰ ਦੇ ਰੁਖ ਨੂੰ ਦੇਖਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਹੁਣ ਆਪਣਾ ਪ੍ਰਦਰਸ਼ਨ ਹੋਰ ਤਿੱਖਾ ਕਰਨਗੇ ਅਤੇ ਦੋਸ਼ ਲਾਇਆ ਕਿ ਬੈਠਕ ਦੌਰਾਨ ਸਰਕਾਰ ਦਾ ਰਵੱਈਆ ਸਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਤੈਅ ਪ੍ਰੋਗਰਾਮ ਮੁਤਾਬਕ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢੀ ਜਾਵੇਗੀ। ਮੀਟਿੰਗ ਤੋਂ ਬਾਹਰ ਆ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੁਲੀਸ ਨੂੰ ਦੱਸ ਦਿੱਤਾ ਗਿਆ ਹੈ ਕਿ ਮਾਰਚ ਦੌਰਾਨ ਸ਼ਾਂਤੀ ਬਹਾਲੀ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਬਾਹਰੀ ਰਿੰਗ ਰੋਡ ’ਤੇ 26 ਜਨਵਰੀ ਨੂੰ ਟਰੈਕਟਰ ਮਾਰਚ ਹਰ ਹਾਲ ’ਚ ਕੱਢਿਆ ਜਾਵੇਗਾ।