ਜੰਮੂ-ਕਸ਼ਮੀਰ (ਦੇਵ ਇੰਦਰਜੀਤ) : ਕੁਝ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬਲੈਕ ਫੰਗਸ ਨੂੰ ਨੋਟੀਫਾਈਡ ਬੀਮਾਰੀ ਐਲਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਮੁਤਾਬਕ ਸਾਰੇ ਸਰਕਾਰੀ, ਨਿੱਜੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੂੰ ਇਸ ਬੀਮਾਰੀ ਦੀ ਜਾਂਚ, ਪਛਾਣ ਅਤੇ ਇਲਾਜ ਦੇ ਸਬੰਧ ਵਿਚ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ, ਭਾਰਤੀ ਆਯੁਵਿਗਿਆਨ ਪਰੀਸ਼ਦ ਅਤੇ ਜੰਮੂ-ਕਸ਼ਮੀਰ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸ਼ੁੱਕਰਵਾਰ ਨੂੰ ਬਲੈਕ ਫੰਗਸ ਦੀ ਵਜ੍ਹਾ ਨਾਲ ਮੌਤ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼, ਓਡੀਸ਼ਾ, ਰਾਜਸਥਾਨ, ਤੇਲੰਗਾਨਾ, ਉਤਰਾਖੰਡ, ਬਿਹਾਰ, ਕਰਨਾਟਕ, ਤਾਮਿਲਨਾਡੂ ਅਤੇ ਗੁਜਰਾਤ ਆਦਿ ਸੂਬੇ ਬਲੈਕ ਫੰਗਸ ਨੂੰ ਮਹਾਮਾਰੀ ਐਲਾਨ ਕਰ ਚੁੱਕੇ ਹਨ।
ਬਲੈਕ ਫੰਗਸ ਨੂੰ ਲੈ ਕੇ ਜੰਮੂ-ਕਸ਼ਮੀਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਸੋਮਵਾਰ ਯਾਨੀ ਕਿ ਅੱਜ ਬਲੈਕ ਫੰਗਸ (ਮਿਊਕਰਮਾਈਕੋਸਿਸ) ਨੂੰ ਮਹਾਮਾਰੀ ਐਲਾਨ ਕਰ ਦਿੱਤਾ ਹੈ। ਇਸ ਸਬੰਧ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਮਹਿਕਮੇ ਨੇ ਮਹਾਮਾਰੀ ਐਕਟ 1897 ਤਹਿਤ ਨੋਟੀਫਿਕੇਸ਼ਨ ਜਾਰੀ ਕੀਤੀ ਹੈ।