ਬਾਰਾਮੂਲਾ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਨੇ ਇਕ ਮੁਕਾਬਲੇ ’ਚ ਮੰਗਲਵਾਰ ਨੂੰ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਸੋਮਵਾਰ ਦੇਰ ਰਾਤ ਸੋਪੋਰ ਦੇ ਪੇਠਸੀਰ ’ਚ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਤੜਕੇ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ’ਤੇ ਗੋਲੀਬਾਰੀ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।
ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਅਧਿਕਾਰੀ ਅਨੁਸਾਰ, ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸਮੂਹ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਵਿਚ ਕਸ਼ਮੀਰ ਖੇਤਰ ਦੇ ਪੁਲਸ ਜਨਰਲ ਇੰਸਪੈਕਟਰ ਵਿਜੇ ਕੁਮਾਰ ਨੇ ਕਿਹਾ ਕਿ ਕਸ਼ਮੀਰ ’ਚ ਇਸ ਸਾਲ 100 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ ਹੈ। ਕੁਮਾਰ ਨੇ ਟਵੀਟ ਕੀਤਾ ਕਿ ਜੰਮੂ ਕਸ਼ਮੀਰ ਪੁਲਸ, ਹੋਰ ਸੁਰੱਖਿਆ ਫ਼ੋਰਸਾਂ ਅਤੇ ਕਸ਼ਮੀਰ ਦੇ ਲੋਕਾਂ ਦੀ ਸਮੂਹਕ ਕੋਸ਼ਿਸ਼ ਨਾਲ ਕਸ਼ਮੀਰ ਖੇਤਰ ’ਚ 2021 ’ਚ ਹੁਣ ਤੱਕ 100 ਤੋਂ ਵੱਧ ਅੱਤਵਾਦੀਆਂ ਦਾ ਸਫ਼ਾਇਆ ਕੀਤਾ ਗਿਆ ਹੈ।