ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤਕ 5.64 ਲੱਖ ਛੋਟੇ ਕਿਸਾਨਾਂ ਦੇ 4624.38 ਕਰੋੜ ਰੁਪਏ ਦੇ ਖੇਤੀਬਾੜੀ ਕਰਜ਼ਿਆਂ ਨੂੰ ਮੁਆਫ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਭ ਵਿੱਤੀ ਰੁਕਾਵਟਾਂ ਦੇ ਬਾਵਜੂਦ ਕਿਸਾਨਾਂ ਦੇ ਕਲਿਆਣ ਲਈ ਹਰ ਸੰਭਵ ਯਤਨ ਕੀਤੇ ਹਨ। ਅੰਨਦਾਤਾ ਕਿਸਾਨ ਦੇ ਸਾਹਮਣੇ ਇਸ ਸਮੇਂ ਅਣਗਿਣਤ ਸਮੱਸਆਵਾਂ ਹਨ।
ਸਰਕਾਰ ਆਪਣੇ ਵੱਲੋਂ ਕਿਸਾਨਾਂ ਦੇ ਦੁੱਖ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2.85 ਲੱਖ ਭੂਮੀਹੀਣ ਕਿਸਾਨਾਂ ਅਤੇ ਖੇਤੀ ਮਜ਼ੂਦਰਾਂ ਦੇ ਕਰਜ਼ਿਆਂ ਨੂੰ ਵੀ ਮੁਆਫ ਕੀਤਾ ਹੈ। ਸਰਕਾਰ ਨੇ ਭੂਮੀ ਹੀਣ ਅਤੇ ਖੇਤੀਬਾੜੀ ਮਜ਼ਦੂਰਾਂ ਦੇ 590 ਕਰੋੜ ਦੇ ਕਰਜ਼ੇ ਵੀ ਮੁਆਫ ਕੀਤੇ ਹਨ। ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਵੱਲੋਂ ਖੇਤੀਬਾੜੀ ਕਰਜ਼ੇ ਲਈ ਮੁਆਫੀ ਦੇ ਚੈੱਕ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਕਿਸਾਨਾਂ ਲਈ ਹਰ ਸੰਭਵ ਕਦਮ ਚੁੱਕੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਪ੍ਰਵਾਹ ਨਹੀਂ ਹੈ।
ਹਰਿਆਣਾ ’ਚ ਭਾਜਪਾ ਸਰਕਾਰ ਨੇ ਕਿਸਾਨਾਂ ’ਤੇ ਵਧੀਕੀਆਂ ਕੀਤੀਆਂ ਹਨ। ਇਸੇ ਤਰ੍ਹਾਂ ਦਿੱਲੀ ’ਚ ਕਿਸਾਨ ਅੰਦੋਲਨ ਕਰ ਰਹੇ ਹਨ ਪਰ ਕੇਂਦਰ ਦੀ ਰਾਜਗ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂਂ ਦੇ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਮਾਮਲੇ ’ਚ ਉਨ੍ਹਾਂ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ। ਉਹ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਹੋਰ ਕੁਝ ਵੀ ਪ੍ਰਵਾਨ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ।