ਮਿਰਜ਼ਾਪੁਰ (ਰਾਘਵ) : ਜ਼ਿਲੇ ਦੇ ਮਿਰਜ਼ਾਪੁਰ 'ਚ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ 14 ਸਾਲਾ ਨੌਜਵਾਨ ਨੇ ਕਥਿਤ ਤੌਰ 'ਤੇ ਆਪਣੇ ਦਾਦਾ-ਦਾਦੀ ਦਾ ਕਤਲ ਕਰ ਕੇ ਖੁਦ ਨੂੰ ਜ਼ਖਮੀ ਕਰ ਲਿਆ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਰਾਜਗੜ੍ਹ ਥਾਣਾ ਖੇਤਰ ਦੇ ਤਾਲਰ ਪਹਾੜੀ ਪਿੰਡ 'ਚ ਸ਼ਨੀਵਾਰ ਦੇਰ ਸ਼ਾਮ ਵਾਪਰੀ। ਸੀਨੀਅਰ ਪੁਲਸ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਦੋਸ਼ੀ ਨੌਜਵਾਨ ਨੇ ਆਪਣੇ ਦਾਦਾ ਪੀਤਾਂਬਰ (85) ਅਤੇ ਦਾਦੀ ਹੀਰਾਵਤੀ (80) 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਐਸ.ਪੀ.ਅਭਿਨੰਦਨ ਨੇ ਹੋਰ ਪੁਲਿਸ ਅਧਿਕਾਰੀਆਂ ਨਾਲ ਘਟਨਾ ਸਥਾਨ ਦਾ ਦੌਰਾ ਕੀਤਾ।
ਪੁਲਿਸ ਸੁਪਰਡੈਂਟ ਨੇ ਕਿਹਾ, "ਦੋਸ਼ੀ ਨੌਜਵਾਨ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ। ਉਹ ਆਪਣੇ ਆਪ 'ਤੇ ਕੁਹਾੜੀ ਨਾਲ ਹਮਲਾ ਕਰ ਰਿਹਾ ਸੀ ਅਤੇ ਜਦੋਂ ਦਾਦਾ-ਦਾਦੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਨ੍ਹਾਂ 'ਤੇ ਵੀ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਵੀ ਜ਼ਖਮੀ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਨੌਜਵਾਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 103 (ਕਤਲ) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਜੋੜੇ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦਰਦਨਾਕ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।