ਫ਼ਿਰੋਜ਼ਪੁਰ (ਨੇਹਾ) : ਫ਼ਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਗੋਲੂਕਾ ਮੌੜ ਨੇੜੇ ਇਕ ਪਿਕਅੱਪ ਗੱਡੀ ਅਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਰੀਬ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਕਰੀਬ 7:45 ਵਜੇ ਵਾਪਰਿਆ। ਜਾਣਕਾਰੀ ਅਨੁਸਾਰ 15 ਦੇ ਕਰੀਬ ਵੇਟਰ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਫ਼ਿਰੋਜ਼ਪੁਰ ਤੋਂ ਇੱਕ ਪਿਕਅੱਪ ਵਿੱਚ ਜਲਾਲਾਬਾਦ ਜਾ ਰਹੇ ਸਨ, ਜਦੋਂ ਪਿਕਅੱਪ ਸੜਕ ਕਿਨਾਰੇ ਖੜ੍ਹੇ ਇੱਕ ਟੁੱਟੇ ਕੈਂਟਰ ਨਾਲ ਟਕਰਾ ਗਿਆ ਅਤੇ 8 ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਸੜਕ ਸੁਰੱਖਿਆ ਬਲ ਅਤੇ ਨੇੜਲੇ ਪਿੰਡ ਵਾਸੀਆਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।
ਵਾਹਨਾਂ ਦੀ ਟੱਕਰ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ। ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਘਟਨਾ ਦੇ 10 ਮਿੰਟਾਂ ਵਿੱਚ ਹੀ ਮੌਕੇ ’ਤੇ ਪਹੁੰਚ ਗਈ ਸੀ। ਮ੍ਰਿਤਕਾਂ ਅਤੇ ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਫ਼ਿਰੋਜ਼ਪੁਰ, ਫ਼ਰੀਦਕੋਟ, ਜਲਾਲਾਬਾਦ ਅਤੇ ਗੁਰੂਹਰਸਹਾਏ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਧੁੰਦ ਕਾਰਨ ਵਾਪਰਿਆ ਹੈ ਜਾਂ ਕੋਈ ਹੋਰ ਕਾਰਨ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।