ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਨਿਮਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਦੀ ਸਰਕਾਰ ਹੈ ਤੇ ਮੁੱਖ ਮੰਤਰੀ ਹਮੇਸ਼ਾ ਸਾਰਿਆਂ ਦਾ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਇਸ ਵੱਡੇ ਫਤਵੇ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਵਧੇਰੇ ਜ਼ਿੰਮੇਵਾਰ ਬਣਨਾ ਚਾਹੀਦਾ ਹੈ ਅਤੇ ਹੰਕਾਰੀ ਨਹੀਂ ਹੋਣਾ ਚਾਹੀਦਾ ਕਿਉਂਕਿ 'ਹੰਕਾਰ ਦਾ ਸਿਰ ਹਮੇਸ਼ਾ ਨੀਵਾਂ ਹੁੰਦਾ ਹੈ'।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੱਜ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ ਤੇ ਇਕ ਵੀ ਦਿਨ ਬਰਬਾਦ ਨਹੀਂ ਹੋਵੇਗਾ ਕਿਉਂਕਿ ਪੰਜਾਬ 'ਚ ਤਬਦੀਲੀ ਲਿਆਉਣ ਲਈ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ 'ਚ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਅਤਿ-ਆਧੁਨਿਕ ਸਕੂਲ ਤੇ ਹਸਪਤਾਲ ਸਥਾਪਤ ਕਰ ਕੇ ਵਧੀਆ ਸਿੱਖਿਆ ਤੇ ਸਿਹਤ ਸੰਭਾਲ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ, ਜਿਸ ਦੀ ਸਾਰਿਆਂ ਵੱਲੋਂ ਸ਼ਲਾਘਾ ਕੀਤੀ ਜਾਵੇਗੀ।