ਨਿਊਜ਼ ਡੈਸਕ (ਜਸਕਮਲ) : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਦੇ ਮੱਦੇਨਜ਼ਰ ਇਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ। ਹੁਣ ਤਕ 22 ਲੱਖ ਲੋਕਾਂ ਨੇ ਆਪਣੀ ਸਲਾਹ ਦੇ ਦਿੱਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਮੰਗਲਵਾਰ ਦੁਪਹਿਰ ਨੂੰ ਕੀਤਾ ਜਾਵੇਗਾ। ਕੇਜਰੀਵਾਲ ਨੇ ਪਿਛਲੇ ਸਾਲ ਜੂਨ 'ਚ ਕਿਹਾ ਸੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ 'ਚੋਂ ਹੋਵੇਗਾ ਤੇ ਪੂਰੇ ਪੰਜਾਬ ਨੂੰ ਆਪਣੀ ਚੋਣ ’ਤੇ ਮਾਣ ਹੋਵੇਗਾ।