ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੱਤਿਆ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਤੋਂ ਜ਼ਮਾਨਤ 'ਤੇ ਛੁੱਟ ਕੇ ਆਏ ਮੁਲਜ਼ਮ ਨੇ ਮਜੀਠਾ ਰੋਡ ਇਲਾਕੇ ਵਿੱਚ ਮਹਿਲਾ ਵਕੀਲ ਨੂੰ ਰੋਕ ਕੇ ਉਸ ਉੱਤੇ ਤੇਜ਼ਾਬ ਸੁੱਟ ਦਿੱਤਾ। ਵਕੀਲ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ। ਪੀੜਤਾ ਨੇ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਵਕਾਲਤ ਦੀ ਪੜ੍ਹਾਈ ਪੂਰੀ ਕੀਤੀ ਹੈ।
ਪੀਡ਼ਤਾ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਮੋਟਰਸਾਈਕਲ ਉੱਤੇ ਸਵਾਰ ਹੋਕੇ ਘਰ ਪਰਤ ਰਹੀ ਸੀ। ਰਸਤੇ ਵਿੱਚ ਕਰਨ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਪਰ ਉਸ ਨੂੰ ਇਸਦੀ ਜਾਣਕਾਰੀ ਨਹੀਂ ਸੀ। ਮੌਕਾ ਮਿਲਦੇ ਹੀ ਉਸ ਨੂੰ ਮੁਲਜ਼ਮ ਨੇ ਉਸਦਾ ਨਾਂ ਲੈ ਕੇ ਆਵਾਜ਼ ਮਾਰੀ ਅਤੇ ਜਿਵੇਂ ਹੀ ਉਸ ਨੇ ਮੁਲਜ਼ਮ ਵੱਲ ਵੇਖਿਆ, ਕਰਨ ਨੇ ਉਸ ਦੇ ਚਿਹਰੇ ਉੱਤੇ ਬੋਤਲ ਵਿਚ ਰੱਖਿਆ ਤੇਜ਼ਾਬ ਸੁੱਟ ਦਿੱਤਾ।
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਆਪਣੇ ਮੋਟਰਸਾਈਕਲ ਉਤੇ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।