ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਵਿਖੇ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਅਜਿਹਾ ਕਰਨ ਵਾਲੇ ਕਰਮਚਾਰੀ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ।
ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ ਹੈ। ਇਸ ਦੇ ਬਾਵਜੂਦ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ’ਤੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਦੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਿਰੋਧ ਮਗਰੋਂ ਮੰਤਰਾਲੇ ਨੇ ਵਾਪਸ ਲਿਆ ਸੀ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅੱਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ’ਤੇ ਸਵਾਲ ਨਾ ਚੁੱਕ ਸਕੇ।