by vikramsehajpal
ਲਖਨਊ (ਸਾਹਿਬ) : ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ-ਕਸ਼ਮੀਰ ’ਚ ਆਗਾਮੀ ਵਿਧਾਨ ਸਭਾ ਚੋਣਾਂ ਇਕੱਲਿਆਂ ਜਦਕਿ ਹਰਿਆਣਾ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ ਨਾਲ ਮਿਲ ਕੇ ਲੜੇਗੀ। ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਦੇ ਤੁਰੰਤ ਬਾਅਦ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਜੰਮੂ-ਕਸ਼ਮੀਰ ’ਚ ਚੋਣਾਂ ਕਰਵਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਦੱਸਣਯੋਗ ਹੈ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਲਗਪਗ ਇੱਕ ਦਹਾਕੇ ਬਾਅਦ ਹੋਣ ਜਾ ਰਹੀਆਂ ਹਨ। ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ ਪੈਣੀਆਂ ਹਨ। ਨਤੀਜੇ 4 ਅਕਤੂਬਰ ਨੂੰ ਆਉਣਗੇ।