ਲੋਕ ਸਭਾ ਹਲਕਾ ਲੁਧਿਆਣਾ: ਕਾਂਗਰਸ ਦੇ ਰਾਜਾ ਵੜਿੰਗ ਨੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 20,942 ਵੋਟਾਂ ਦੇ ਫ਼ਰਕ ਨਾਲ ਹਰਾਇਆ
ਚੰਡੀਗ੍ਹੜ (ਸਾਹਿਬ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।
ਦੱਸ ਦੇਈਏ ਕਿ ਲੋਕ ਸਭਾ ਹਲਕਾ ਲੁਧਿਆਣਾ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਦਬਦਬਾ ਕਾਇਮ ਕਰਦਿਆਂ 3,22,224 ਵੋਟਾਂ ਹਾਸਲ ਕੀਤੀਆਂ ਹਨ। ਉਨ੍ਹਾਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 20,942 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।
ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਪਈਆਂ ਹਨ। ਬਿੱਟੂ ਸਾਲ 2019 ਵਿੱਚ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਸੀਟ ਤੋਂ ਜਿੱਤ ਕੇ ਸੰਸਦ ਮੈਂਬਰ ਬਣੇ ਸਨ। ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਤੋਂ ਐਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਾਲ ਸਖਤ ਮੁਕਾਬਲਾ ਸੀ।
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ 2,37,077 ਵੋਟਾਂ ਹਾਸਲ ਕਰ ਕੇ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ 90,220 ਵੋਟਾਂ ਨਾਲ ਚੌਥੇ ਸਥਾਨ ’ਤੇ ਰਹੇ ਹਨ।