ਮਾਨਸਾ (ਰਾਘਵ): ਜ਼ਿਲ੍ਹਾ ਮਾਨਸਾ ਦੇ ਪਿੰਡ ਅਕਲੀਆਂ ਦਾ ਰਹਿਣ ਵਾਲਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸ਼ਹੀਦ ਹੋ ਗਿਆ। ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਦਹਿਸ਼ਤਗਰਦਾਂ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਸ਼ਹੀਦ ਅਗਨੀਵੀਰ ਦੀ ਮ੍ਰਿਤਕ ਦੇਹ ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੇ ਪਿੰਡ ਅਕਲੀਆਂ ਵਿਖੇ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਪਿੰਡ ਅਕਲੀਆਂ ਦਾ 24 ਸਾਲਾ ਲਵਪ੍ਰੀਤ ਨਰਿੰਦਰ ਮੀਡੀਅਮ ਰੈਜੀਮੈਂਟ ਯੂਨਿਟ 'ਚ ਤਾਇਨਾਤ ਸੀ ਅਤੇ 2 ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਭਾਰਤੀ ਫ਼ੌਜ 'ਚ ਭਰਤੀ ਹੋਇਆ ਸੀ। ਪਰਿਵਾਰਕ ਮੈਂਬਰਾਂ ਦੇ ਮੁਤਾਬਕ 2 ਦਿਨ ਪਹਿਲਾਂ ਲਵਪ੍ਰੀਤ ਨੇ ਆਪਣੇ ਮਾਤਾ-ਪਿਤਾ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਪਣੀ ਡਿਊਟੀ ਤੋਂ ਜਾਣੂੰ ਕਰਵਾਇਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਦੁਪਹਿਰ 3 ਵਜੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਸੀ। ਇਸ ਦੌਰਾਨ ਲਵਪ੍ਰੀਤ ਸਿੰਘ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਫ਼ੌਜ ਦੇ ਜਵਾਨ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਉਹ ਸ਼ਹੀਦ ਹੋ ਗਿਆ। ਪਿੰਡ ਅਕਲੀਆ ਦੇ ਸਰਪੰਚ ਜਸਵੀਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਇੱਕ ਬਹੁਤ ਹੀ ਹੋਣਹਾਰ ਨੌਜਵਾਨ ਸੀ, ਜਿਸ ਨੇ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋ ਕੇ ਪਿੰਡ ਅਕਲੀਆ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਦੇਸ਼ ਦੇ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।