ਪੱਤਰ ਪ੍ਰੇਰਕ : ਵਿਜੀਲੈਂਸ ਬਿਊਰੋ ਵੱਲੋਂ ਚੌਕੀ ਕੋਰਟ ਕੰਪਲੈਕਸ ਦੇ ਏਐੱਸਆਈ ਗੁਰਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਹਰਜਿੰਦਰ ਸਿੰਘ ਵਾਸੀ ਪਿੰਡ ਫਤਾਹਪੁਰ ਦੀ ਸ਼ਿਕਾਇਤ ’ਤੇ ਕੀਤੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਏਐੱਸਆਈ ਨੇ ਉਸ ਵੱਲੋਂ 40 ਲੱਖ ਰੁਪਏ ਦੀ ਧੋਖਾਧੜੀ ਸਬੰਧੀ ਦਰਜ ਕਰਵਾਈ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਪੁਲਸ ਮੁਲਾਜ਼ਮ ਉਸ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏਐਸਆਈ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਵੀਰਵਾਰ ਸਵੇਰੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ।