5 ਅਕਤੂਬਰ ਨੂੰ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ !

by vikramsehajpal

ਕਰਨਾਲ (ਜਸਪ੍ਰੀਤ) - ਭਾਜਪਾ ਅਤੇ ਬਿਸ਼ਨੋਈ ਭਾਈਚਾਰੇ ਦੀ ਮੰਗ ਮੰਨਦਿਆਂ ਚੋਣ ਕਮਿਸ਼ਨ ਨੇ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ’ਚ ਤਬਦੀਲੀ ਕਰਦਿਆਂ ਹੁਣ 5 ਅਕਤੂਬਰ ਨੂੰ ਵੋਟਿੰਗ ਕਰਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ’ਚ ਵੋਟਿੰਗ ਪਹਿਲੀ ਅਕਤੂਬਰ ਨੂੰ ਹੋਣੀ ਸੀ। ਹਰਿਆਣਾ ਅਤੇ ਜੰਮੂ ਕਸ਼ਮੀਰ ’ਚ ਵੋਟਾਂ ਦੀ ਗਿਣਤੀ ਅਤੇ ਨਤੀਜੇ ਹੁਣ 8 ਅਕਤੂਬਰ ਨੂੰ ਐਲਾਨੇ ਜਾਣਗੇ।

ਚੋਣ ਕਮਿਸ਼ਨ ਨੇ ਕਈ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਮਗਰੋਂ ਚੋਣਾਂ ’ਚ ਬਦਲਾਅ ਕੀਤਾ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਨਵਾਂ ਚੋਣ ਪ੍ਰੋਗਰਾਮ ਜਾਰੀ ਕੀਤਾ। ਚੋਣਾਂ ਲਈ ਨੋਟੀਫਿਕੇਸ਼ਨ ਪਹਿਲਾਂ ਵਾਂਗ 5 ਸਤੰਬਰ ਨੂੰ ਜਾਰੀ ਹੋਵੇਗਾ ਅਤੇ ਇਸੇ ਦਿਨ ਤੋਂ ਨਾਮਜ਼ਦਗੀ ਕਾਗ਼ਜ਼ ਭਰੇ ਜਾਣ ਦਾ ਅਮਲ ਸ਼ੁਰੂ ਹੋਵੇਗਾ।

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ 12 ਸਤੰਬਰ ਤੱਕ ਕਾਗ਼ਜ਼ ਦਾਖ਼ਲ ਕੀਤੇ ਜਾ ਸਕਣਗੇ ਅਤੇ 13 ਸਤੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ। ਨਾਮਜ਼ਦਗੀ ਕਾਗ਼ਜ਼ 17 ਸਤੰਬਰ ਤੱਕ ਵਾਪਸ ਲਏ ਜਾ ਸਕਦੇ ਹਨ। ਵੋਟਾਂ 5 ਅਕਤੂਬਰ ਸ਼ਨਿਚਰਵਾਰ ਨੂੰ ਪੈਣਗੀਆਂ।