CM ਮਾਨ ਅੱਜ ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

by jagjeetkaur

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਪ੍ਰਸ਼ਾਸਨ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਅੱਜ ਦੁਪਹਿਰ ਕਰੀਬ 12 ਵਜੇ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।

ਇਸ ਦੌਰਾਨ ਸਿਰਫ਼ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਇੱਥੇ ਕਿਸੇ ਤੀਜੀ ਧਿਰ ਦੀ ਮੌਜੂਦਗੀ ਨਹੀਂ ਹੋਵੇਗੀ। ਜੇਲ੍ਹ ਨਿਯਮਾਂ ਅਨੁਸਾਰ ਮੁਲਾਕਾਤ ਦਾ ਸਮਾਂ ਅੱਧਾ ਘੰਟਾ ਹੈ। ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੁਲਾਕਾਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਜੇਲ੍ਹ ਹੈੱਡਕੁਆਰਟਰ ਵਿਖੇ ਮੀਟਿੰਗ ਹੋਈ। ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਪੁਲੀਸ, ਦਿੱਲੀ ਪੁਲੀਸ ਅਤੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ ਦੀ ਤਰਫੋਂ ਅਸਿਸਟੈਂਟ ਡਾਇਰੈਕਟਰ ਜਨਰਲ ਸਕਿਓਰਿਟੀ, ਦਿੱਲੀ ਪੁਲਿਸ ਦੀ ਤਰਫੋਂ ਏ.ਸੀ.ਪੀ ਰੈਂਕ ਦੇ ਦੋ ਅਧਿਕਾਰੀ ਅਤੇ ਜੇਲ੍ਹ ਦੇ ਡੀਆਈਜੀ ਰਾਜੀਵ ਸਿੰਘ ਪਰਿਹਾਰ ਮੌਜੂਦ ਸਨ।

ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਦੁਪਹਿਰ 12 ਵਜੇ ਤੋਂ 2 ਵਜੇ ਦਰਮਿਆਨ ਕਿਸੇ ਵੀ ਸਮੇਂ ਹੋਵੇਗੀ। ਆਖਰੀ ਸਮੇਂ ‘ਤੇ ਸਮਾਂ ਵੀ ਨਿਰਧਾਰਤ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 15 ਅਪ੍ਰੈਲ ਨੂੰ ਖਤਮ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਜਾਣਾ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।