ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਤੋਂ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰ ਕੇ ਦੇਸ਼ ਦੇ ਖੁਰਾਕ ਉਤਪਾਦਨ 'ਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਲੋੜ ਹੈ।
ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ 'ਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ 'ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ। ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ।