ਨਿਊਜ਼ ਡੈਸਕ : ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 10.30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣਗੇ ਤੇ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਦੋ ਤਿਹਾਈ ਬਹੁਮਤ ਨਾਲ ਜਿੱਤ ਤੋਂ ਬਾਅਦ ਸੂਬੇ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਕੱਲ੍ਹ ਸ਼ਾਮ ਮਾਨ ਨੂੰ ਸੂਬੇ 'ਚ ‘ਆਪ’ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਸੀ। ਇਸ ਤੋਂ ਤੁਰੰਤ ਬਾਅਦ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਮੁੱਖ ਸਕੱਤਰ ਤੇ ਪੁਲਿਸ ਡਾਇਰੈਕਟਰ ਜਨਰਲ ਦੀ ਮੀਟਿੰਗ ਵੀ ਸੱਦੀ।
16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਚੁਣੇ ਗਏ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਸੀ। ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਹੰਕਾਰ ਨਾ ਕਰਨ ਤੇ ਉਨ੍ਹਾਂ ਲੋਕਾਂ ਲਈ ਵੀ ਕੰਮ ਕਰਨ ਜਿਨ੍ਹਾਂ ਨੇ ਵੋਟ ਨਹੀਂ ਪਾਈ। ਉਨ੍ਹਾਂ ਕਿਹਾ "ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਹੰਕਾਰ ਨਾ ਕਰੋ। ਉਨ੍ਹਾਂ ਲਈ ਵੀ ਕੰਮ ਕਰੋ ਜਿਨ੍ਹਾਂ ਨੇ ਤੁਹਾਨੂੰ ਵੋਟ ਨਹੀਂ ਦਿੱਤੀ ਹੈ। ਤੁਸੀਂ ਪੰਜਾਬੀਆਂ ਦੇ ਵਿਧਾਇਕ ਹੋ। ਉਨ੍ਹਾਂ ਨੇ ਸਰਕਾਰ ਚੁਣੀ ਹੈ।" ਭਗਵੰਤ ਮਾਨ ਨੇ ਵਿਧਾਇਕਾਂ ਨੂੰ ਚੰਡੀਗੜ੍ਹ ਵਿਚ ਨਾ ਰਹਿਣ ਅਤੇ ਉਨ੍ਹਾਂ ਖੇਤਰਾਂ ਵਿਚ ਕੰਮ ਕਰਨ ਦੀ ਹਦਾਇਤ ਕੀਤੀ ਜਿੱਥੋਂ ਉਹ ਚੁਣੇ ਗਏ ਹਨ।