ਲੁਧਿਆਣਾ ਵਾਸੀਆਂ ਲਈ ਵੱਡੀ ਖਬਰ, ਬੁੱਢੇ ਦਰਿਆ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ

by nripost

ਲੁਧਿਆਣਾ (ਰਾਘਵ): ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਾਰ ਸੇਵਕਾਂ ਨਾਲ ਗੁਰਦੁਆਰਾ ਗਊਘਾਟ ਸਾਹਿਬ ਨੇੜੇ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਲਈ ਸ਼ੁਰੂ ਕੀਤੇ ਕੰਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਡਾ: ਰਵਜੋਤ ਸਿੰਘ ਪਹਿਲੇ ਮੰਤਰੀ ਹਨ, ਜੋ ਬੁੱਢੇ ਦਰਿਆ ਦੀ ਪਵਿੱਤਰਤਾ ਸਬੰਧੀ ਪਿਛਲੇ ਦਿਨਾਂ ਵਿਚ ਤਿੰਨ ਵਾਰ ਆਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਵਾਤਾਵਰਣ ਪ੍ਰਤੀ ਚਿੰਤਤ ਹਨ ਅਤੇ ਇਸ ਲਈ ਢੁਕਵੇਂ ਕਦਮ ਚੁੱਕਣਗੇ। ਸੰਤ ਸੀਚੇਵਾਲ ਨੇ ਮੰਤਰੀ ਡਾ.ਰਵਜੋਤ ਸਿੰਘ ਨੂੰ ਦੱਸਿਆ ਕਿ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਲਈ ਜੋ ਕੰਮ ਸ਼ੁਰੂ ਕੀਤਾ ਗਿਆ ਸੀ, ਉਸ ਦਾ 70 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਕੁਝ ਦਿਨਾਂ ਵਿੱਚ ਇੱਥੇ ਮੋਟਰਾਂ ਲੱਗ ਜਾਣਗੀਆਂ ਅਤੇ ਸ਼ਹਿਰ ਦਾ ਗੰਦਾ ਪਾਣੀ ਟਰੀਟਮੈਂਟ ਪਲਾਂਟ ਤੱਕ ਪੁੱਜਣਾ ਸ਼ੁਰੂ ਹੋ ਜਾਵੇਗਾ। ਡਾ: ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੁੱਢਾ ਦਰਿਆ ਦੀ ਸਫ਼ਾਈ ਲਈ ਵਚਨਬੱਧ ਹੈ | ਉਨ੍ਹਾਂ ਸੰਤ ਸੀਚੇਵਾਲ ਵੱਲੋਂ ਸ਼ੁਰੂ ਕੀਤੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੰਪਿੰਗ ਸਟੇਸ਼ਨ ਦੇ ਚਾਲੂ ਹੋਣ ਨਾਲ ਦਰਿਆ ਵਿਚਲੇ ਪ੍ਰਦੂਸ਼ਣ ਨੂੰ ਘਟਾਉਣ ਵਿਚ ਕਾਫੀ ਮਦਦ ਮਿਲੇਗੀ।

ਉਨ੍ਹਾਂ ਭਰੋਸਾ ਦਿੱਤਾ ਕਿ ਇਸ ਕੰਮ ਲਈ ਪ੍ਰਸ਼ਾਸਨ ਵੱਲੋਂ ਜਲਦੀ ਤੋਂ ਜਲਦੀ ਲੋੜੀਂਦੇ ਪੈਨਲ ਅਤੇ ਬਿਜਲੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰੀਆਂ ਸਮੇਤ ਲੁਧਿਆਣਾ ਸ਼ਹਿਰ ਦੇ ਟਰੀਟਮੈਂਟ ਪਲਾਂਟਾਂ ਦੀ ਕੁਸ਼ਲਤਾ ਦਾ ਨਿਰੀਖਣ ਕੀਤਾ। ਉਦਯੋਗਾਂ ਤੋਂ ਆਉਣ ਵਾਲੇ ਅਣਸੋਧੇ ਪਾਣੀ ਅਤੇ ਡੇਅਰੀਆਂ ਤੋਂ ਆਉਣ ਵਾਲੇ ਗੋਹੇ ਕਾਰਨ ਇਹ ਪਲਾਂਟ ਸਹੀ ਢੰਗ ਨਾਲ ਕੰਮ ਕਰਨ ਦੇ ਯੋਗ ਨਹੀਂ ਹਨ। ਇਸ ਅਣਸੋਧੇ ਪਾਣੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਡਾ: ਰਵਜੋਤ ਸਿੰਘ ਅਤੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਟਰੀਟਮੈਂਟ ਪਲਾਂਟਾਂ ਨੂੰ ਖਰਾਬ ਕਰਨ ਵਾਲੇ ਯੂਨਿਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਨ੍ਹਾਂ ਟਰੀਟਮੈਂਟ ਪਲਾਂਟਾਂ 'ਤੇ ਖਰਚਿਆ ਪੈਸਾ ਜਨਤਾ ਦੇ ਟੈਕਸ ਦਾ ਪੈਸਾ ਹੈ, ਜਿਸ ਨੂੰ ਹੁਣ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।