ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਕਾਰਵਾਈ ਚਮਕੌਰ ਸਾਹਿਬ ਵਾਸੀ ਇੱਕ ਧਰਮ ਪ੍ਰਚਾਰਕ ਦੀ ਸ਼ਿਕਾਇਤ 'ਤੇ ਕੀਤੀ ਗਈ । ਜ਼ਖਮੀ ਨੌਜਵਾਨ ਵਰਿੰਦਰ ਸਿੰਘ ਨੇ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਸ਼ਿਕਾਇਤਕਰਤਾ ਵਰਿੰਦਰ ਸਿੰਘ ਨੇ ਕਿਹਾ ਉਹ ਚਮਕੌਰ ਸਾਹਿਬ ਦਾ ਰਹਿਣ ਵਾਲਾ ਹੈ ਤੇ ਉਹ ਸਿੱਖ ਧਰਮ ਦਾ ਪ੍ਰਚਾਰਕ ਹੈ। ਉਹ ਹਮੇਸ਼ਾ ਧਰਮ ਪ੍ਰਚਾਰ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਦੀਆਂ ਵੀਡੀਓ ਦੇਖਦਾ ਰਹਿੰਦਾ ਸੀ। ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਅੰਮ੍ਰਿਤਪਾਲ ਸਿੰਘ ਦੇ ਨਾਲ ਰਹਿਣ ਵਾਲੇ ਕਿਸੇ ਵਿਅਕਤੀ ਬਾਰੇ ਅੰਮ੍ਰਿਤਪਾਲ ਸਿੰਘ ਨੂੰ ਆਗਾਹ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਨਾਲ ਰੰਜਿਸ਼ ਰੱਖ ਲਈ ।
ਬੀਤੀ ਦਿਨੀਂ ਉਸ ਨੂੰ ਫੋਨ ਆਇਆ ਕਿ ਉਹ ਗ਼ਲਤਫਹਿਮੀ ਦੂਰ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਨੇ ਮਿਲਣ ਲਈ ਅਜਨਾਲਾ ਬੁਲਾਇਆ ਪਰ ਜਦੋ ਉਹ ਉੱਥੇ ਪਹੁੰਚਿਆ ਤਾਂ ਕੁਝ ਲੋਕ ਉਸ ਨੂੰ ਕਾਰ 'ਚ ਅਗਵਾ ਕਰਕੇ ਲੈ ਗਏ। ਇੱਥੇ ਅੰਮ੍ਰਿਤਪਾਲ ਸਿੰਘ ਆਪਣੇ ਕੁਝ ਸਾਥੀਆਂ ਨਾਲ ਮੌਜੂਦ ਸੀ ।ਉਨ੍ਹਾਂ ਨੇ ਮਿਲ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀਆਂ ਨੇ ਧਮਕੀ ਦਿੱਤੀ ਕਿ ਜੇਕਰ ਉਹ ਮੂੰਹ ਖੋਲ੍ਹੇਗਾ ਤਾਂ ਉਸ ਦੇ ਪਰਿਵਾਰਿਕ ਮੈਬਰਾਂ ਨੂੰ ਨੁਕਸਾਨ ਪਹੁੰਚਿਆ ਜਾਵੇਗਾ ।