ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲੰਡਨ ਜਾਣ ਤੋਂ ਰੋਕਿਆ ਗਿਆ । ਦੱਸਿਆ ਜਾ ਰਿਹਾ ਕਿਰਨਦੀਪ ਕੌਰ ਲੰਡਨ ਜਾਣ ਲਈ ਏਅਰਪੋਰਟ 'ਤੇ ਪਹੁੰਚੀ ਸੀ। ਇਸ ਦੌਰਾਨ ਹੀ ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਰੋਕ ਲਿਆ । ਕਿਰਨਦੀਪ ਕੌਰ ਨੇ 1 ਵਜੇ ਦੇ ਕਰੀਬ ਲੰਡਨ ਦੀ ਫਲਾਈਟ ਫੜਨੀ ਸੀ ਪਰ ਇਮੀਗ੍ਰੇਸ਼ਨ ਵਿਭਾਗ ਵਲੋਂ ਇਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਵਲੋਂ ਹਾਲੇ ਉਸ ਨੂੰ ਗ੍ਰਿਫ਼ਤਾਰ ਨਹੀ ਕੀਤਾ ਗਿਆ ।ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ 18 ਮਾਰਚ ਨੂੰ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ ।ਇਸ ਦੌਰਾਨ ਪੰਜਾਬ ਪੁਲਿਸ ਨੇ ਕਾਫ਼ਲੇ ਨੂੰ ਰੋਕ ਕੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ । ਇਸ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਦੇ 360 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦਕਿ ਪੁਲਿਸ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਸੀ । ਦੱਸ ਦਈਏ ਕਿ ਇਸ ਸਾਲ ਫਰਵਰੀ 'ਚ ਹੀ ਅੰਮ੍ਰਿਤਪਾਲ ਸਿੰਘ ਦਾ UK ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਵਿਆਹ ਹੋਇਆ ਸੀ ।