ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਉੱਥੇ ਹੀ ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਬਣਾਉਣ ਵਿੱਚ ਮਦਦ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੇ ਫੋਨ ਦੀ ਵਰਤੋਂ ਕਰਕੇ ਅੰਮ੍ਰਿਤਪਾਲ ਨੇ ਵੀਡੀਓ ਸਾਂਝੀ ਕੀਤੀ ਸੀ। ਜਿਸ ਨੂੰ 29 ਤੇ 30 ਮਾਰਚ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਗਿਆ ਸੀ। ਦੱਸ ਦਈਏ ਪੁਲਿਸ ਵਲੋਂ ਹੁਸ਼ਿਆਰਪੁਰ ਦੇ ਪਿੰਡ ਮਰਨਾਈਆਂ ਦੇ ਕੋਲ ਪੈਂਦੇ ਪਿੰਡਾਂ 'ਚ ਵੀ ਚੈਕਿੰਗ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਉਤਰ ਪ੍ਰਦੇਸ਼ 'ਚ ਬਣੀ ਦੱਸੀ ਜਾ ਰਹੀ ਸੀ ,ਜਦਕਿ ਉਹ ਵੀਡੀਓ ਹੁਸ਼ਿਆਰਪੁਰ ਦੇ ਮਾਹਿਲਪੁਰ ਤੋਂ ਬਣਾਈ ਗਈ ਸੀ। ਫਿਲਹਾਲ ਕਿਸੇ ਵੀ ਪੁਲਿਸ ਅਧਿਕਾਰੀ ਵਲੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ ।ਇਸ ਦੌਰਾਨ ਪੁਲਿਸ ਟੀਮ ਵਲੋਂ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ।ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋਂ ਹਿਰਾਸਤ 'ਚ ਲਏ 360 ਸਿੱਖ ਨੌਜਵਾਨਾਂ 'ਚੋ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ ।