ਨਿਊਜ਼ ਡੈਸਕ (ਰਿੰਪੀ ਸ਼ਰਮਾ) : 18 ਮਾਰਚ ਤੋਂ ਫਰਾਰ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਬੀਤੀ ਦਿਨੀਂ ਪੰਜਾਬ ਪੁਲਿਸ ਨੇ ਜ਼ਿਲ੍ਹਾ ਮੋਗਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਅੰਮ੍ਰਿਤਪਾਲ ਸਿੰਘ ਨੇ ਸਰੰਡਰ ਕੀਤਾ ਹੈ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਨੇ ਕਿਹਾ ਸਰੰਡਰ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਗਰੁਦੂਆਰਾ ਸਾਹਿਬ ਵਿਖੇ ਅਰਦਾਸ ਕੀਤੀ ਤੇ ਸੰਗਤ ਨੂੰ ਸੰਬੋਧਿਤ ਕੀਤਾ। ਉਸ ਤੋਂ ਬਾਅਦ ਉਸ ਨੇ ਪੁਲਿਸ ਅੱਗੇ ਸਰੰਡਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਦੇਰ ਰਾਤ ਹੀ ਪਿੰਡ ਰੋਡੇ ਦੇ ਗੁਰੂਦੁਆਰਾ ਸਾਹਿਬ ਪਹੁੰਚੇ ਸਨ। ਉਸ ਨੇ ਅੰਮ੍ਰਿਤ ਸਮੇ ਇਸ਼ਨਾਨ ਕੀਤਾ ਤੇ ਪਾਠ ਕੀਤਾ ।
ਦੱਸਣਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਸੀ । ਇਸ ਕਾਰਵਾਈ ਦੌਰਾਨ ਪੁਲਿਸ ਨੇ ਕਾਫਲੇ ਨੂੰ ਘੇਰ ਕੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪਿਛਲੇ ਦਿਨੀਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਸੀ । ਹੁਣ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ । ਦੱਸ ਦਈਏ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਪਹਿਲਾਂ ਵੀ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਭੇਜਿਆ ਗਿਆ ਹੈ । ਅਧਿਕਾਰੀਆਂ ਅਨੁਸਾਰ ਅੰਮ੍ਰਿਤਪਾਲ ਕੋਲੋਂ ਜੇਲ੍ਹ ਵਿੱਚ ਹੀ ਪੁੱਛਗਿੱਛ ਕੀਤੀ ਜਾਵੇਗੀ । ਪੁਲਿਸ ਵਲੋਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ ਗਿਆ ਸੀ । ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਪਿੰਡ ਜੱਲੂਪੁਰ ਜਾਣ ਲਈ ਕਿਹਾ ਗਿਆ ।