ਚੰਡੀਗ੍ਹੜ (ਰਾਘਵ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।
ਦੱਸ ਦੇਈਏ ਕਿ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ 2,66,626 ਵੋਟਾਂ ਹਾਸਲ ਕੀਤੀਆਂ ਹਨ। ਉਨ੍ਹਾਂ ‘AAP’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ 3,242 ਵੋਟਾਂ ਦੇ ਫਰਕ ਨਾਲ ਹਰਾਇਆ। ਬਰਾੜ ਨੂੰ 2,63,384 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਗੁਰਮੀਤ ਸਿੰਘ ਸੋਢੀ 2,55,097 ਵੋਟਾਂ ਲੈ ਕੇ ਤੀਜੇ ਸਥਾਨ ’ਤੇ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ 2,53,645 ਵੋਟਾਂ ਨਾਲ ਚੌਥੇ ਸਥਾਨ ’ਤੇ ਹਨ।
ਦੱਸ ਦੇਈਏ ਕਿ ਸ਼ੇਰ ਸਿੰਘ ਘੁਬਾਇਆ ਨੇ ਸਾਲ 2009 ਤੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਤ ਹਾਸਲ ਕੀਤੀ ਸੀ। ਮਾਰਚ 2019 ਵਿੱਚ ਘੁਬਾਇਆ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।