ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ 'ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ। ਇਸ ਤੋਂ ਉਪਰ ਯੂਨਿਟ ਹੋਣ 'ਤੇ 3 ਰੁਪਏ ਪ੍ਰਤੀ ਯੂਨਿਟ ਚਾਰਜ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ 4 ਰੁਪਏ ਪ੍ਰਤੀ ਯੂਨਿਟ ਹੋਵੇਗੀ। ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਾਜਪਾ ਪੰਜਾਬ ਵਿੱਚ ਚੋਣਾਂ ਜਿੱਤਦੀ ਹੈ ਤਾਂ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।
ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਲੋਕਾਂ ਨੂੰ ਸਾਲ ਵਿੱਚ 150 ਘੰਟੇ ਕੰਮ ਕਰਨ ਦੀ ਗਾਰੰਟੀ ਦਿੱਤੀ ਜਾਵੇਗੀ। ਨੌਕਰੀਆਂ ਨਾ ਮਿਲਣ ਵਾਲੇ ਨੌਜਵਾਨਾਂ ਨੂੰ 4000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।