ਭਾਜਪਾ ਜ਼ਲਦੀ ਕਰੇ ਖੇਤੀ ਕਾਨੂੰਨਾਂ ਦਾ ਹੱਲ : ਅਨਿਲ ਜੋਸ਼ੀ

by vikramsehajpal

ਅੰਮ੍ਰਿਤਸਰ (ਦੇਵ ਇੰਦਰਜੀਤ) : ਅੰਮ੍ਰਿਤਸਰ ਉਤਰੀ ਵਿਧਾਨਸਭਾ ਹਲਕੇ ਤੋਂ ਪਿਛਲੀ ਸਰਕਾਰ ਸਮੇਂ ਵਿਧਾਇਕ ਰਹੇ ਅਨਿਲ ਜੋਸ਼ੀ ਨੇ ਇੱਕ ਬਿਆਨ ਵਿਚ ਕਿਹਾ ਹੈ ਕਿ ਖੇਤੀ ਅੰਦੋਲਨ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਵਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਪੰਜਾਬ ਭਾਜਪਾ ਕੋਰ ਕਮੇਟੀ ਬੈਠਕ ਵਿਚ ਉਸ ’ਤੇ ਲੀਡਰਸ਼ਿਪ ਵਲੋਂ ਚਰਚਾ ਕੀਤੀ ਗਈ, ਜਿਸ ਤੋਂ ਬਾਅਦ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਵਲੋਂ ਉਨ੍ਹਾਂ ਨਾਲ ਫੋਨ ’ਤੇ ਗੱਲ ਕੀਤੀ ਗਈ ਤਾਂ ਕਿ ਉਨ੍ਹਾਂ ਵਲੋਂ ਜ਼ਾਹਿਰ ਕੀਤੀਆਂ ਗਈਆਂ ਸ਼ਿਕਾਇਤ ਨੂੰ ਸੁਣਿਆ ਜਾ ਸਕੇ। ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਅਗਲੇ ਦੋ ਹਫ਼ਤਿਆਂ ਅੰਦਰ ਪ੍ਰਦੇਸ਼ ਭਾਜਪਾ ਨੂੰ ਖੇਤੀ ਅੰਦੋਲਨ ਪ੍ਰਤੀ ਆਪਣਾ ਰੁਖ਼ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਉਸ ਤੋਂ ਬਾਅਦ ਹੀ ਉਹ ਤੈਅ ਕਰਨਗੇ ਕਿ ਅੱਗੇ ਕੀ ਕਰਨਾ ਹੈ।

ਭਾਜਪਾ ਦੇ ਸੀਨੀਅਰ ਨੇਤਾਵਾਂ ਵਿਚ ਸ਼ਾਮਲ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਲੀਡਰਸ਼ਿਪ ਖ਼ਿਲਾਫ਼ ਤਿੱਖੇ ਬੋਲ ਬੋਲੇ ਹਨ। ਜੋਸ਼ੀ ਨੇ ਕਿਹਾ ਹੈ ਕਿ ਭਾਜਪਾ ਲੀਡਰਸ਼ਿਪ ਨੂੰ ਖੇਤੀ ਕਾਨੂੰਨਾਂ ਅਤੇ ਅੰਦੋਲਨ ਕਾਰਣ ਬਣੀ ਸਥਿਤੀ ’ਤੇ ਛੇਤੀ ਤੋਂ ਛੇਤੀ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ, ਨਹੀਂ ਤਾਂ ਅਜਿਹੇ ਹਾਲਾਤ ਬਣ ਰਹੇ ਹਨ ਕਿ ਪੰਜਾਬ ਵਿਧਾਨਸਭਾ ਦੀਆਂ ਅਗਲੀਆਂ ਚੋਣਾਂ ਲਈ 117 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨੇ ਪਾਰਟੀ ਲਈ ਮੁਸ਼ਕਿਲ ਹੋ ਜਾਣਗੇ, ਕਿਉਂਕਿ ਕੋਈ ਵੀ ਚੋਣ ਲੜਨ ਨੂੰ ਤਿਆਰ ਨਹੀਂ ਹੋਵੇਗਾ।

ਅਨਿਲ ਜੋਸ਼ੀ ਨੇ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਸਬੰਧੀ ਚਰਚਾਵਾਂ ਨੂੰ ਪੂਰੀ ਤਰ੍ਹਾਂ ਨਕਾਰਦੇ ਹੋਏ ਕਿਹਾ ਕਿ ਭਾਜਪਾ ਦੇ ਹੀ ਕੁਝ ਨੇਤਾਵਾਂ ਵਲੋਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਦੋਂਕਿ ਭਾਜਪਾ ਨੂੰ ਛੱਡਣ ਦਾ ਉਨ੍ਹਾਂ ਨੇ ਕਦੇ ਵੀ ਸੋਚਿਆ ਤੱਕ ਨਹੀਂ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਲੋਕਾਂ ਨਾਲ ਜੁੜੇ ਅਤੇ ਪਾਰਟੀ ਦੀ ਭਲਾਈ ਦੇ ਮੁੱਦਿਆਂ ’ਤੇ ਉਹ ਖਾਮੋਸ਼ ਰਹਿਣਗੇ।