ਪੱਤਰ ਪ੍ਰੇਰਕ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮੰਤਰੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਹੁਣ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾਉਣਗੇ। ਦਰਅਸਲ, ਅਮਨ ਅਰੋੜਾ ਨੂੰ ਘਰੇਲੂ ਝਗੜੇ ਦੇ ਇੱਕ ਮਾਮਲੇ ਵਿੱਚ ਸੁਨਾਮ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। ਅਮਨ ਅਰੋੜਾ ਨੇ ਇਸ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ ਅਤੇ ਸਜ਼ਾ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸਜ਼ਾ 'ਤੇ ਰੋਕ ਲਗਾਉਣ ਦਾ ਫੈਸਲਾ 25 ਜਨਵਰੀ ਯਾਨੀ ਅੱਜ ਲਈ ਰਾਖਵਾਂ ਰੱਖਿਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਉਸ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 26 ਜਨਵਰੀ ਨੂੰ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ ਅਤੇ ਇਸ ਲਈ ਉਹ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੇ ਅਯੋਗ ਹਨ। ਹੁਣ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਉਹ 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ।