ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ।
ਪੰਜਾਬ ਵਿੱਚ ਵੋਟਾਂ ਦੀ ਗਿਣਤੀ ਹੋਣ ਸਮੇਂ ਚਰਨਜੀਤ ਸਿੰਘ ਚੰਨੀ ਦੋਵਾਂ ਹਲਕਿਆਂ ਤੋਂ ਪਿੱਛੇ ਚੱਲ ਰਹੇ ਸਨ। ਦੱਸ ਦੇਈਏ ਕਿ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜੀ ਸੀ। ਚੰਨੀ ਨੇ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕੀਤਾ ਅਤੇ ਟਵੀਟ ਕਰਦਿਆਂ ਕਿਹਾ "ਮੈਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਆਮ ਆਦਮੀ ਪਾਰਟੀ ਅਤੇ ਉਹਨਾਂ ਦੇ ਚੁਣੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀ ਉਮੀਦਾਂ 'ਤੇ ਖਰੇ ਉਤਰਨਗੇ।"
ਚੰਨੀ ਨੂੰ ਭਦੌੜ ਹਲਕੇ ਤੋਂ 23 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ ਜਦਕਿ ਉਨ੍ਹਾਂ ਦੇ ਵਿਰੁੱਧ ਖੜੇ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉਗੋਕੇ ਨੂੰ 57 ਹਾਜ਼ਰ ਤੋਂ ਵੀ ਵੱਧ ਵੋਟਾਂ ਮਿਲੀਆਂ। ਉਥੇ ਹੀ
ਸ੍ਰੀ ਚਮਕੌਰ ਸਾਹਿਬ ਤੋਂ ਚੰਨੀ ਨੂੰ 50,000 ਵੋਟਾਂ ਮਿਲੀਆਂ ਜਦੋਂਕਿ ਉਨ੍ਹਾਂ ਦੇ ਵਿਰੁੱਧ ਖੜੇ ਇੱਕੋ ਨਾਂਅ ਦੇ 'ਆਪ' ਉਮੀਦਵਾਰ ਚਰਨਜੀਤ ਸਿੰਘ ਨੂੰ 54,000 ਤੋਂ ਵੱਧ ਵੋਟਾਂ ਮਿਲੀਆਂ।