ਪੱਤਰ ਪ੍ਰੇਰਕ : ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਖਤਮ ਨਹੀਂ ਹੋ ਰਿਹਾ ਹੈ। ਹੁਣ ਭਾਰਤ ਅਤੇ ਕੈਨੇਡਾ ਵਿਚਾਲੇ ਇੱਕ ਹੋਰ ਵਿਵਾਦ ਪੈਦਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ, ਹੁਣ ਇੱਕ ਖਾਲਿਸਤਾਨੀ ਸਮਰਥਕ ਨੇ ਇਸ ਐਤਵਾਰ ਯਾਨੀ 26 ਨਵੰਬਰ ਨੂੰ ਕੈਨੇਡਾ ਦੇ ਸਰੀ ਵਿੱਚ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਦੇ ਬਾਹਰ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।
ਹੁਣ ਇਸ ਵੀਡੀਓ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੁਝ ਰਿਪੋਰਟਾਂ ਅਨੁਸਾਰ ਪਿਛਲੇ ਹਫ਼ਤੇ ਸਰੀ ਦੇ ਇੱਕ ਗੁਰਦੁਆਰੇ ਦੇ ਬਾਹਰ ਇੱਕ ਸਿੱਖ ਪਰਿਵਾਰ ਨਾਲ ਬਦਸਲੂਕੀ ਕੀਤੀ ਗਈ ਸੀ। ਹੁਣ ਖਾਲਿਸਤਾਨੀ ਗਰੁੱਪ ਸਰੀ ਦੇ ਹਿੰਦੂ ਲਕਸ਼ਮੀ ਨਰਾਇਣ ਮੰਦਿਰ ਵਿੱਚ ਗੜਬੜ ਪੈਦਾ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ 'ਤੇ ਕੀਤਾ ਜਾ ਰਿਹਾ ਹੈ। ਇਸ ਲਈ ਮੈਂ ਇੱਕ ਵਾਰ ਫਿਰ ਕੈਨੇਡੀਅਨ ਅਧਿਕਾਰੀਆਂ ਨੂੰ ਕਦਮ ਚੁੱਕਣ ਅਤੇ ਕਾਰਵਾਈ ਕਰਨ ਲਈ ਕਹਿ ਰਿਹਾ ਹਾਂ।