ਦਿੱਲੀ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਸਮੇਤ ਕਈ ਹੋਰ ਮੁੱਦਿਆਂ ਨੂੰ ਵੀ ਚੁੱਕ ਸਕਦੇ ਹਨ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ।
ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀ ਤਾਕਤਾਂ ਦਾ ਟਾਕਰਾ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੀਆਂ 25 ਕੰਪਨੀਆਂ ਅਤੇ ਬੀ. ਐੱਸ. ਐੱਫ. ਲਈ ਡਰੋਨ ਨੂੰ ਨਸ਼ਟ ਕਰਨ ਵਾਲੇ ਉਪਕਰਨ ਤੁਰੰਤ ਮੰਗੇ ਹਨ। ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਕਿਸਤਾਨ ਦੀ ਆਈ. ਐੱਸ. ਆਈ. ਦੀਆਂ ਵਧਦੀਆਂ ਸਰਗਰਮੀਆਂ ਨਾਲ ਸੂਬੇ ’ਚ ਹਾਲੀਆ ਸਮੇਂ ’ਚ ਹਥਿਆਰਾਂ, ਹੱਥਗੋਲਿਆਂ ਅਤੇ ਆਈ. ਈ. ਡੀਜ਼ ਦੀ ਵੱਡੀ ਪੱਧਰ ’ਤੇ ਘੁਸਪੈਠ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਜ ਸ਼ਾਮ ਅਮਿਤ ਸ਼ਾਹ ਨਾਲ ਬੈਠਕ ਕਰਦਿਆਂ ਦੱਸਿਆ ਕਿ ਸੁਰੱਖਿਆ ਦੀ ਸਥਿਤੀ ਬਹੁਤ ਭਿਆਨਕ ਹੈ, ਜਿਸ ਲਈ ਕੇਂਦਰ ਨੂੰ ਤੁਰੰਤ ਦਖਲ ਦੇਣ ਦੀ ਲੋੜ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਕਰੀਬ ਇਕ ਘੰਟੇ ਤੱਕ ਚੱਲੀ ਇਸ ਬੈਠਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹੇ। ਕਿਹਾ ਜਾ ਰਿਹਾ ਹੈ ਕਿ ਬੈਠਕ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਮੰਥਨ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀ ਮੰਡਲ ਫੇਰਬਦਲ ’ਤੇ ਵੀ ਚਰਚਾ ਕੀਤੀ।
ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀ ਮੰਡਲ ’ਚ ਫੇਰਬਦਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪਰਤਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਤਾਰੀਖ਼ ਦਾ ਐਲਾਨ ਕਰ ਸਕਦੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਨੇ ਵੀ ਕਿਹਾ ਕਿ ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਦਲਿਤ ਵਰਗ ਨੂੰ ਤਰਜਮਾਨੀ ਦੇਣ ’ਤੇ ਚਰਚਾ ਕੀਤੀ ਹੈ। ਇਸ ’ਤੇ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ। ਕਿਹਾ ਜਾ ਰਿਹਾ ਹੈ ਕਿ 15 ਅਗਸਤ ਤੋਂ ਬਾਅਦ ਮੰਤਰੀ ਮੰਡਲ ਵਿਚ ਬਦਲਾਅ ਕੀਤਾ ਜਾ ਸਕਦਾ ਹੈ।