ਚੰਡੀਗੜ੍ਹ(ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੀ. ਬੀ. ਐੱਸ. ਈ. ਦੀਆਂ ਪ੍ਰੀਖਿਆਵਾਂ ਰੱਦ ਕਰਨ ਜਾਂ ਅੱਗੇ ਵਧਾਉਣ ਦੀਆਂ ਮੰਗਾਂ ਦੇ ਮੱਦੇਨਜ਼ਰ ਸਿੱਖਿਆ ਮੰਤਰਾਲੇ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਹੋਏ ਫ਼ੈਸਲੇ ਤੋਂ ਬਾਅਦ ਹੀ ਕੇਂਦਰੀ ਸਿੱਖਿਆ ਮੰਤਰੀ ਨੇ ਪ੍ਰੀਖਿਆਵਾਂ ਨੂੰ ਰੱਦ ਤੇ ਮੁਅਤਲ ਕਰਨ ਦਾ ਐਲਾਨ ਕੀਤਾ।
ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ 10ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ, ਜਦਕਿ 12ਵੀਂ ਜਮਾਤ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕੀਤੀ ਗਈ ਹੈ।ਇਸ ਦਾ ਫ਼ੈਸਲਾ ਅੱਜ ਕੇਂਦਰੀ ਸਿੱਖਿਆ ਮੰਤਰੀ ਵਲੋਂ ਪ੍ਰਧਾਨ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਤੋਂ ਬਾਅਦ ਲਿਆ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਰਵਿੰਦ ਕੇਜ਼ਰੀਵਾਲ ਵਲੋਂ ਵੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ ਕਰਨ ਲਈ ਕੇਂਦਰੀ ਸਿੱਖਿਆ ਮੰਤਰੀ ਨੂੰ ਚਿੱਠੀ ਲਿਖੀ ਗਈ ਸੀ। ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ ਵਲੋਂ ਵੀ ਇਹ ਪ੍ਰੀਖਿਆਵਾਂ ਰੱਦ ਕਰਨ ਲਈ ਕੇਂਦਰ ’ਤੇ ਦਬਾਅ ਪਾਇਆ ਜਾ ਰਿਹਾ ਸੀ।
ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਣ ਸਕੂਲ, ਕਾਲਜ ਪਹਿਲਾਂ ਹੀ ਬੰਦ ਕੀਤੇ ਗਏ ਹਨ। ਆਲਮ ਇਹ ਹੈ ਕਿ ਕਈ ਸੂਬਿਆਂ ਵਿਚ ਲਾਕ ਡਾਊਨ ਵਰਗੇ ਹਾਲਾਤ ਵੀ ਪੈਦਾ ਹੋ ਗਏ ਹਨ ਜਦਕਿ ਕਈ ਸੂਬਿਆਂ ਵਿਚ ਰਾਤ ਦਾ ਕਰਫਿਊ ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ।