ਨਵੀ ਦਿੱਲੀ (ਦੇਵ ਇੰਦਰਜੀਤ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਵੀਰਵਾਰ ਸਵੇਰੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬੁੱਧਵਾਰ ਨੂੰ ਸ਼ਾਹ ਨਾਲ ਇੱਕ ਘੰਟਾ ਲੰਬੀ ਮੁਲਾਕਾਤ ਕੀਤੀ, ਜਿਸ ਨਾਲ ਪਾਰਟੀ ਦੇ ਬਦਲਾਅ ਬਾਰੇ ਕਿਆਸਅਰਾਈਆਂ ਲੱਗ ਗਈਆਂ। ਪਰ ਸਾਬਕਾ ਮੁੱਖ ਮੰਤਰੀ ਮੁਤਾਬਕ ਉਨ੍ਹਾਂ ਨੇ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ ਸੀ। ਓਥੇ ਹੀ ਸੂਤਰਾਂ ਦਾ ਕਹਿਣਾ ਹੈ ਕਿ ਕਪਤਾਨ ਵੀਰਵਾਰ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਵੱਡੇ ਨੇਤਾਵਾਂ ਨੂੰ ਮਿਲ ਸਕਦੇ ਹਨ। ਸੂਤਰ ਇਹ ਵੀ ਦੱਸਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਬਿੱਲ ਤਿਆਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਉਹ ਇਸ ਖੇਤੀਬਾੜੀ ਬਿੱਲ 'ਤੇ ਭਾਜਪਾ ਨਾਲ ਗੱਲਬਾਤ ਕਰਦੇ ਹਨ, ਤਾਂ ਉਹ ਭਾਜਪਾ ਦੇ ਨਾਲ ਆ ਸਕਦੇ ਹਨ।
ਦੂਜੇ ਪਾਸੇ ਕਾਂਗਰਸ ਕੈਪਟਨ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੀ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੀ ਮੰਗ ਵੀ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਅਤੇ ਕਮਲਨਾਥ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।