ਚੰਡੀਗੜ੍ਹ (ਦੇਵ ਇੰਦਰਜੀਤ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਪੰਜਾਬ ’ਚ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰ ਸਕਦੇ ਹਨ। ਖੁਦ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੇ ਸੰਕੇਤ ਦਿੱਤੇ ਹਨ।
ਇਕ ਗੱਲਬਾਤ ਦੌਰਾਨ ਕੈਪਟਨ ਨੇ ਕਿਹਾ ਕਿ ਉਹ ਜਲਦ ਹੀ ਨਵੀਂ ਰਾਜਨੀਤਕ ਪਾਰਟੀ ਬਣਾ ਸਕਦੇ ਹਨ, ਜਿਸ ’ਚ ਹਮਖਿਆਲੀ ਰਾਜਨੀਤਕ ਪਾਰਟੀਆਂ ਨਾਲ ਗਠਜੋੜ ਹੋ ਸਕਦਾ ਹੈ। ਇਹ ਪਹਿਲਾ ਮੌਕਾ ਹੈ, ਜਦੋਂ ਕੈਪਟਨ ਨੇ ਵੱਖਰੀ ਰਾਜਨੀਤਕ ਪਾਰਟੀ ਦੇ ਗਠਨ ’ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ ਹੈ।
ਹਾਲਾਂਕਿ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ’ਚ ਸੰਭਾਵਨਾ ਬਰਕਰਾਰ ਰਹਿਣ ਦੀ ਗੱਲ ਕਹੀ ਸੀ। ਮੰਨਿਆ ਜਾ ਰਿਹਾ ਸੀ ਕਿ 2022 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਦੇ ਉਲਟ ਕੈਪਟਨ ਨੇ ਕਾਂਗਰਸ ਦਾ ਪੱਲਾ ਛੱਡ ਕੇ ਭਵਿੱਖ ’ਚ ਨਵੀਂ ਰਾਹ ’ਤੇ ਵਧਣ ਦਾ ਇਰਾਦਾ ਸਾਫ਼ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸਾਫ਼ ਕਰ ਦਿੱਤਾ ਸੀ ਕਿ ਉਹ ਕਾਂਗਰਸ ’ਚ ਨਹੀਂ ਰਹਿਣਗੇ। ਬਕਾਇਦਾ ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕੀਤੀ ਸੀ। ਹਾਲਾਂਕਿ ਉਦੋਂ ਉਨ੍ਹਾਂ ਨੇ ਕਿਹਾ ਸੀ ਕਿ ਫਿਲਹਾਲ ਉਨ੍ਹਾਂ ਦਾ ਭਾਰਤੀ ਜਨਤਾ ਪਾਰਟੀ ਜੁਆਇਨ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਥੇ ਹੀ, ਹੁਣ ਉਨ੍ਹਾਂ ਕਿਹਾ ਹੈ ਕਿ ਭਾਜਪਾ ਨੂੰ ਭਾਗੀਦਾਰ ਦੇ ਰੂਪ ’ਚ ਸਵੀਕਾਰ ਕਰਨ ਦਾ ਫ਼ੈਸਲਾ ਖੇਤੀ ਕਾਨੂੰਨਾਂ ਦੇ ਮੁੱਦੇ ਦੇ ਤਸੱਲੀਬਖਸ਼ ਹੱਲ ’ਤੇ ਨਿਰਭਰ ਕਰੇਗਾ।
ਕੈਪਟਨ ਨੇ ਕਿਸਾਨਾਂ ਦੇ ਮੁੱਦੇ ਦੇ ਹੱਲ ਦਾ ਵੀ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਕਿਸਾਨ ਅੰਦੋਲਨ ਛੇਤੀ ਹੀ ਇਕ ਪ੍ਰਸਤਾਵ ਵੱਲ ਵਧ ਸਕਦਾ ਹੈ। ਅਮਰਿੰਦਰ ਨੇ ਕਿਹਾ ਕਿ 2022 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਚੱਲਣ ’ਤੇ ਵਿਚਾਰ ਕੀਤਾ ਜਾ ਸਕਦਾ ਹੈ।