ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ : DC ਆਸ਼ਿਕਾ ਜੈਨ
ਐਸ.ਏ.ਐਸ.ਨਗਰ, 22 ਮਈ, 2024 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 10.21 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਫੋਰਸਮੈਂਟ ਏਜੰਸੀਆਂ ਵੱਲੋਂ 3.80 ਕਰੋੜ ਰੁਪਏ ਦੀ ਨਗਦੀ, 3.31 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ, 14.64 ਲੱਖ ਰੁਪਏ ਦੀ ਸ਼ਰਾਬ ਅਤੇ 2.09 ਕਰੋੜ ਰੁਪਏ ਦੀਆਂ ਹੋਰ ਕੀਮਤੀ ਵਸਤਾਂ ਜ਼ਬਤ/ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਡਾ: ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਗੈਰ-ਕਾਨੂੰਨੀ ਸਮਾਨ ਦੀ ਘੁਸਪੈਠ ਨੂੰ ਰੋਕਣ ਲਈ ਅੰਤਰਰਾਜੀ ਐਂਟਰੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ, ਗੈਰ-ਕਾਨੂੰਨੀ ਸਮਾਨ ਦੀ ਨਿਗਰਾਨੀ ਅਤੇ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ 09 ਫਲਾਇੰਗ ਸਕੁਐਡ ਟੀਮਾਂ ਅਤੇ ਏਨੀਆਂ ਹੀ ਸਟੈਟਿਕ ਸਰਵੀਲੈਂਸ ਟੀਮਾਂ ਸੀਸੀਟੀਵੀ ਕੈਮਰੇ ਨਾਲ ਲੈਸ ਵਾਹਨਾਂ ਨਾਲ ਜ਼ਿਲ੍ਹੇ ਵਿੱਚ 24×7 ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ‘ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਮੋਬਾਈਲ ਐਪ ਸੀਵਿਜਿਲ ‘ਤੇ ਕਿਸੇ ਵੀ ਜਨ ਸਧਾਰਨ ਨੂੰ ਵੀਡੀਓ ਅਤੇ ਫੋਟੋਆਂ ਅਪਲੋਡ ਕਰਨ ਦੇ ਨਾਲ ਰਿਪੋਰਟ ਕਰਨੀ ਚਾਹੀਦੀ ਹੈ ਅਤੇ ਸ਼ਿਕਾਇਤ ਦੇਣ ਦੇ 100 ਮਿੰਟ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ।
ਇਸੇ ਤਰ੍ਹਾਂ ਚੋਣਾਂ ਨਾਲ ਸਬੰਧਤ ਸ਼ਿਕਾਇਤ ਦਰਜ ਕਰਵਾਉਣ ਜਾਂ ਕੋਈ ਮਦਦ ਲੈਣ ਲਈ ਟੋਲ-ਫ੍ਰੀ ਨੰਬਰ 1950 ‘ਤੇ ਵੀ ਡਾਇਲ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹੀ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।