ਨਿਊਜ਼ ਡੈਸਕ : ਸਿੱਖ ਸਮਾਜ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਨੇ ਘਰੇਲੂ ਉਡਾਣਾਂ 'ਚ ਕਿਰਪਾਨ ਪਹਿਨਣ 'ਤੇ ਲੱਗੀ ਪਾਬੰਦੀ ਹਟਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਕਰਮਚਾਰੀ ਤੇ ਮੁਸਾਫ਼ਰ ਸਫ਼ਰ ਦੌਰਾਨ ਕਿਰਪਾਨ ਧਾਰਨ ਕਰ ਸਕਣਗੇ ਹਾਲਾਂਕਿ ਇਹ ਸ਼ਰਤ ਵੀ ਰੱਖੀ ਗਈ ਹੈ ਕਿ ਕਿਰਪਾਨ ਦਾ ਸਾਈਜ਼ 9 ਇੰਚ ਤਕ ਹੀ ਹੋਣਾ ਚਾਹੀਦਾ ਹੈ ਤੇ ਉਸ ਦਾ ਬਲੇਡ 6 ਇੰਚ ਤੋਂ ਵੱਡਾ ਨਹੀਂ ਹੋਣਾ ਚਾਹੀਦਾ। ਸਿਵਲ ਏਵੀਏਸ਼ਨ ਸਕਿਓਰਟੀ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ’ਤੇ ਪਾਬੰਦੀ ਲਾਉਣ ਦਾ ਸਖ਼ਤ ਨੋਟਿਸ ਲਿਆ ਸੀ। ਧਾਮੀ ਨੇ ਕਿਹਾ ਸੀ ਕਿ ਭਾਰਤ ਸਰਕਾਰ ਨੇ ਹਾਲ ਹੀ 'ਚ ਜਾਰੀ ਕੀਤੇ ਇਕ ਨੋਟੀਫਿਕੇਸ਼ਨ 'ਚ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡੇ ਦੇ ਅੰਦਰ ਸਿੱਖ ਕੱਕਾਰਾਂ ਦੇ ਇਕ ਹਿੱਸੇ ਦੀ ਕਿਰਪਾਨ ਪਹਿਨਣ ਦੀ ਮਨਾਹੀ ਕੀਤੀ ਹੈ, ਜਿਸ ਨੂੰ ਉਨ੍ਹਾਂ ਸਿੱਖ ਸੰਪਰਦਾਵਾਂ ਨਾਲ ਧੱਕਾ ਦੱਸਿਆ ਸੀ।