ਪੱਤਰ ਪ੍ਰੇਰਕ : ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਦਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਐਨਐਸਯੂਆਈ ਦੇ ਆਗੂਆਂ ਤੇ ਵਰਕਰਾਂ ਨੇ ਮੇਅਰ ਚੋਣਾਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਬੈਰੀਕੇਡ ਲਾਏ ਗਏ। ਜਦੋਂ NSUI ਆਗੂ ਪਿੱਛੇ ਨਹੀਂ ਹਟ ਰਹੇ ਸਨ। ਇਸ ਦੌਰਾਨ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਐਨਐਸਯੂਆਈ ਆਗੂਆਂ ’ਤੇ ਪਾਣੀ ਦੀਆਂ ਬਉਛਾੜਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪੁਲਿਸ ਅਤੇ ਐਨਐਸਯੂਆਈ ਦੇ ਵਰਕਰਾਂ ਵਿਚਾਲੇ ਕਾਫੀ ਹੱਥੋਪਾਈ ਵੀ ਹੋਈ।
ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਸਾਰੇ ਪ੍ਰਦਰਸ਼ਕਾਰੀਆਂ ਨੂੰ ਭਾਜਪਾ ਦਫ਼ਤਰ ਤੋਂ ਸਮੇਂ ਸਿਰ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਨੌਜਵਾਨਾਂ ’ਤੇ ਲਾਠੀਚਾਰਜ ਵੀ ਕੀਤਾ। ਲਾਠੀਚਾਰਜ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵਿੱਚ ਭਾਰੀ ਰੋਸ ਹੈ। ਚੰਡੀਗੜ੍ਹ ਦੇ ਮੇਅਰ ਚੋਣਾਂ ਨੂੰ ਰੱਦ ਕਰਨ ਸਬੰਧੀ ਨੌਜਵਾਨਾਂ ਵੱਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂ ਵੀ ਇਸ ਮਾਮਲੇ ਨੂੰ ਲੈ ਕੇ ਨਿੱਤ ਦਿਨ ਵਿਰੋਧ ਕਰ ਰਹੇ ਹਨ।