ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈ ਘਟਨਾਵਾਂ ਵਿੱਚ ਸਿੱਖ ਕੌਮ ਨੂੰ ਇਨਸਾਫ਼ ਨਹੀ ਦਿਵਾ ਸਕੀ ਹੈ।
ਉਨ੍ਹਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨਾਂ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਬੇਅਦਬੀ ਦੀਆਂ ਸੰਵੇਦਨਸ਼ੀਲ ਘਟਨਾਵਾਂ ਵਿੱਚ ਇਨਸਾਫ਼ ਦੇਣ ਦੇ ਅਨੇਕ ਵਾਅਦੇ ਕੀਤੇ ਗਏ ਪਰ ਹੁਣ ਇਹ ਗੱਲ ਪੂਰੀ ਤਰ੍ਹਾਂ ਸਾਫ਼ ਹੋ ਚੁੱਕੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਨਾਂਅ 'ਤੇ ਕਾਂਗਰਸ ਸਰਕਾਰ ਲੋਕਾਂ ਨੂੰ ਸਿਰਫ਼ ਗੁਮਰਾਹ ਕਰ ਰਹੀ ਸੀ ਅਤੇ ਅਜਿਹਾ ਕਰਕੇ ਕਾਂਗਰਸ ਨੇ ਇਕ ਵਾਰੀ ਫਿਰ ਸਿੱਖ ਕੌਮ ਨੂੰ ਧੌਖਾ ਦਿੱਤਾ ਹੈ।
ਢੀਂਡਸਾ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੇ ਅਤਿ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਲਾਜ਼ਮੀ ਹੈ ਅਤੇ ਇਸ ਦੇ ਲਈ ਹਾਈਕੋਰਟ ਦੀ ਨਿਗਰਾਨੀ ਵਿੱਚ ਮੌਜੂਦਾ ਜੱਜ ਸਾਹਿਬਾਨ ਦੀ ਕਮੇਟੀ ਗਠਤ ਕਰਕੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਘਟਨਾ ਪਿੱਛੇ ਅੰਜਾਮ ਦੇਣ ਵਾਲੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਪਤਾ ਲੱਗ ਸਕੇ।
ਢੀਂਡਸਾ ਨੇ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਨਾਕਾਮ ਸਾਬਿਤ ਹੋਈ ਚੰਨੀ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਵਜ਼ੀਰ ਗੁਰੂਧਾਮਾਂ ਅਤੇ ਪੰਜਾਬ ਦੇ ਲੋਕਾਂ ਨਾਲੋਂ ਆਪਣੇ ਸੱਤਾ ਦੇ ਆਹੁਦਿਆਂ `ਤੇ ਜਿਆਦਾ ਧਿਆਨ ਦਿੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਵਜੋਤ ਸਿੰਘ ਸਿੱਧੂ ਵੀ ਪੰਜਾਬ ਹਿਤੈਸ਼ੀ ਹੋਣ ਦਾ ਡਰਾਮਾ ਕਰਕੇ ਕੇਵਲ ਆਪਣੇ ਸਿਆਸੀ ਏਜੰਡੇ ਅਤੇ ਲਾਭ ਲਈ ਕੰਮ ਕਰ ਰਹੇ ਹਨ ਅਤੇ ਅਜਿਹੇ ਲੋਕਾਂ ਦੇ ਦਿਲਾਂ ਵਿੱਚ ਪੰਥ ਅਤੇ ਪੰਜਾਬ ਲਈ ਕੋਈ ਪੀੜ ਨਹੀ ਹੈ।