ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਲੀ 'ਚ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਦੀ ਗੱਲ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ, ਜੋ ਪੰਜਾਬ 'ਚ ਆਗਾਮੀ ਚੋਣਾਂ ਲਈ ਹਾਈ-ਵੋਲਟੇਜ ਮੁਹਿੰਮ ਚਲਾ ਰਹੇ ਹਨ, ਕੁਝ ਮੁਸ਼ਕਲਾਂ 'ਚ ਹਨ। ਦਰਅਸਲ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਈਮਾਨ ਕਹਿਣ ਤੋਂ ਬਾਅਦ ਚੰਨੀ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ ਤੇ ਉਨ੍ਹਾਂ ਕਿਹਾ ਹੈ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ।
ਉਨ੍ਹਾਂ ਕਿਹਾ ਕਿ "ਮੈਂ ਕੇਜਰੀਵਾਲ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਾਂਗਾ ਅਤੇ ਆਪਣੀ ਪਾਰਟੀ ਨੂੰ ਅਜਿਹਾ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ਮੈਂ ਅਜਿਹਾ ਕਰਨ ਲਈ ਮਜਬੂਰ ਹਾਂ, ਕਿਉਂਕਿ ਉਹ ਮੈਨੂੰ ਬੇਈਮਾਨ ਦੱਸ ਰਿਹਾ ਹੈ ਤੇ ਉਸਨੇ ਆਪਣੇ ਟਵਿੱਟਰ ਹੈਂਡਲ 'ਤੇ ਇਹ ਲਿਖਿਆ ਹੈ।
ਸ੍ਰੀ ਚਮਕੌਰ ਸਾਹਿਬ 'ਚ ਆਪਣੇ ਹਲਕੇ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਹੁਣ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਤੇ ਉਨ੍ਹਾਂ ਆਪਣੀ ਪਾਰਟੀ ਨੂੰ ‘ਆਪ’ ਆਗੂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ਚੰਨੀ ਦੀ ਚੇਤਾਵਨੀ ਉਦੋਂ ਆਈ ਹੈ ਜਦੋਂ ਕੇਜਰੀਵਾਲ ਨੇ ਪੰਜਾਬ 'ਚ ਚੋਣ ਪ੍ਰਚਾਰ ਕਰਦੇ ਹੋਏ ਆਪਣੇ ਭਾਣਜੇ ਦੀ ਰਿਹਾਇਸ਼ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪੇ ਤੋਂ ਬਾਅਦ ਮੌਜੂਦਾ ਮੁੱਖ ਮੰਤਰੀ ਨੂੰ ਬੇਈਮਾਨ ਆਦਮੀ ਕਿਹਾ ਸੀ।