ਮੁੱਖ ਮੰਤਰੀ ਭਗਵੰਤ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

by nripost

ਨਵਾਂਸ਼ਹਿਰ (ਰਾਘਵ): ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਖਟਕੜ ਕਲਾਂ ਵਿਚ ਇਕ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਕਈ ਆਗੂ ਪਹੁੰਚੇ। ਸ਼ਹਾਦਤ ਨੂੰ ਨਮਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦ ਕਦੇ ਮਰਦੇ ਨਹੀਂ ਹੁੰਦੇ, ਸ਼ਹੀਦ ਅਮਰ ਹੁੰਦੇ ਹਨ। ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਪੰਜਾਬ ਸਰਕਾਰ ਦੇ ਤਿੰਨ ਸਾਲਾ ਵਿਚ ਕੀਤੇ ਗਏ ਵੱਡੇ ਕੰਮਾਂ ਦਾ ਜ਼ਿਕਰ ਕੀਤਾ, ਉਥੇ ਹੀ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨੇ ਵੀ ਸਾਧੇ। ਇਸ ਮੌਕੇ ਭਗਵੰਤ ਮਾਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੀ ਨੀਂਹ ਪੱਥਰ ਵੀ ਰੱਖਿਆ ਗਿਆ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 17 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਕਰੀਬ 62 ਲੱਖ ਰੁਪਏ ਦੀ ਬਚਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਨਾਂ ਸਿਫ਼ਾਰਿਸ਼ ਦੇ 52 ਹਜ਼ਾਰ 606 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁਫ਼ਤ ਬਿਜਲੀ ਨੂੰ ਲੈ ਕੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਜੁਲਾਈ 2022 ਤੋਂ 90 ਫ਼ੀਸਦੀ ਪੰਜਾਬ ਦੇ ਲੋਕਾਂ ਦਾ ਬਿੱਲ ਜ਼ੀਰੋ ਆਇਆ ਹੈ। ਅਸੀਂ ਬਿਜਲੀ ਬੋਰਡ ਨੂੰ ਵੀ ਕੋਈ ਘਾਟਾ ਨਹੀਂ ਪੈਣ ਦਿੱਤਾ। ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੁੱਲ੍ਹ 881 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।