ਨਕੋਦਰ (ਜਲੰਧਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। ਅੱਜ ਇੱਥੇ 283 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚੋਂ ਕੁਝ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਜਲੰਧਰ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਲੋਕਾਂ ਦੀ ਭਲਾਈ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਖੁਸ਼ੀਆਂ ਦੇ ਸਮਾਗਮ ਹੋਣੋਂ ਬੰਦ ਹੋ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ‘ਚ ‘ਆਪ’ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਪੰਜਾਬ ਦੀ ਆਬੋ-ਹਵਾ ਬਦਲ ਗਈ ਹੈ ਜਿੱਥੇ ਹੁਣ ਸੁਖਾਵਾਂ ਮਾਹੌਲ ਪੈਦਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਸੂਬੇ ਵਿੱਚ ਆਪਣੇ ਆਪ ਨੂੰ ਵੱਡੇ ਲੀਡਰ ਕਹਾਉਂਦੇ ਸਿਆਸਤਦਾਨਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀ ਬੇਰਹਿਮੀ ਨਾਲ ਲੁੱਟ ਕੀਤੀ ਸੀ, ਜਿਸ ਕਾਰਨ ਲੋਕਾਂ ਨੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਇਨ੍ਹਾਂ ਨੂੰ ਸਬਕ ਸਿਖਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੰਕਾਰੀ ਆਗੂ ਆਪਣੇ ਲੋਕ ਵਿਰੋਧੀ ਕੰਮਾਂ ਕਾਰਨ ਸਿਆਸੀ ਨਕਸ਼ੇ ਤੋਂ ਗਾਇਬ ਹੋ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਸਧਾਰਨ ਘਰ ਵਿੱਚ ਜੰਮੇ ਹਨ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਸਦਾ ਇਹੀ ਵਹਿਮ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਬੁਨਿਆਦੀ ਹੱਕ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਉਹ ਸੂਬੇ ਦੇ ਉਨ੍ਹਾਂ ਵੱਡੇ ਲੀਡਰਾਂ ਦਾ ਪਰਦਾਫਾਸ਼ ਕਰਨਗੇ ਜਿਨ੍ਹਾਂ ਨੇ ਆਪਣੀਆਂ ਨਿੱਜੀ ਖਾਹਿਸ਼ਾਂ ਪੂਰੀਆਂ ਕਰਨ ਲਈ ਸਰਕਾਰੀ ਖਜ਼ਾਨੇ ਦੀਆਂ ਧੱਜੀਆਂ ਉਡਾ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਜਿਸ ਲਈ ਇਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਆਗੂਆਂ ਦੇ ਅਸਲ ਕਿਰਦਾਰ ਆਮ ਲੋਕਾਂ ਸਾਹਮਣੇ ਬੇਪਰਦ ਕੀਤੇ ਜਾਣਗੇ।