ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਵਿਖੇ ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ’ਚ ਹੈਰੋਇਨ ਦੀ ਖੇਪ ਨਾਲ 1 ਔਰਤ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਇਕ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਡਰੱਗ ਬਰਾਮਦਗੀ ਦੇ 4 ਮਾਮਲੇ ਦਰਜ ਹਨ। ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸਿਕੰਦਰ ਸਿੰਘ ਨੇ ਪੁਲਿਸ ਟੀਮ ਨਾਲ ਪਿੰਡ ਲੱਖਣ ਖ਼ੁਰਦ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ, ਜਦੋਂ ਗ੍ਰਿਫ਼ਤਾਰ ਮੁਲਜ਼ਮ ਤੋਂ ਉਸ ਦਾ ਨਾਂ-ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂ ਕੁਲਦੀਪ ਸਿੰਘ ਉਰਫ਼ ਹੈਪੀ ਪੁੱਤਰ ਅਜੀਤ ਸਿੰਘ ਵਾਸੀ ਲੱਖਣ ਖ਼ੁਰਦ ਥਾਣਾ ਸਦਰ ਕਪੂਰਥਲਾ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁੱਛਗਿੱਛ ਦੌਰਾਨ ਮੁਲਜ਼ਮ ਕੁਲਦੀਪ ਸਿੰਘ ਉਰਫ਼ ਹੈਪੀ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਬਰਾਮਦ ਹੈਰੋਇਨ ਜਗੀਰ ਕੌਰ ਉਰਫ਼ ਬਿੱਲੋ ਪਤਨੀ ਕਿਸ਼ਨ ਸਿੰਘ ਲੱਖਣ ਖੋਲੇ ਥਾਣਾ ਸੁਭਾਨਪੁਰ ਕਪੂਰਥਲਾ ਤੋਂ ਲੈ ਕੇ ਆਇਆ ਹੈ. ਜਿਸ ’ਤੇ ਪੁਲਸ ਨੇ ਛਾਪਾਮਾਰੀ ਕਰਕੇ ਜਗੀਰ ਕੌਰ ਉਰਫ਼ ਬਿੱਲੋ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।