ਪੱਤਰ ਪ੍ਰੇਰਕ : ਫਾਈਨੈਂਸ਼ੀਅਲ ਟਾਈਮਜ਼ ਨੇ ਆਪਣੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਅਮਰੀਕਾ ਵਿੱਚ ਸਾਜ਼ਿਸ਼ ਰਚੀ ਗਈ ਸੀ। ਹਾਲਾਂਕਿ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸਨੂੰ ਅਮਰੀਕਾ ਨੇ ਅਸਫਲ ਕੀਤਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਮਰੀਕਾ ਨੇ ਇਹ ਮਾਮਲਾ ਭਾਰਤ ਸਰਕਾਰ ਕੋਲ ਵੀ ਚੁੱਕਿਆ ਹੈ। ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਉਣ ਤੋਂ ਬਾਅਦ ਲਗਾਤਾਰ ਚਰਚਾ ਹੋ ਰਹੀ ਹੈ।
ਜਾਣਕਾਰੀ ਮੁਤਾਬਿਕ ਇਸ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਅਮਰੀਕਾ ਨੇ ਆਪਣੇ ਕੁਝ ਸਹਿਯੋਗੀਆਂ ਨੂੰ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਬਾਰੇ ਇਤਲਾਹ ਕੀਤੀ ਸੀ। ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਇਲਜਾਮ ਵੀ ਲਗਾਇਆ ਸੀ। ਅਮਰੀਕੀ ਸਰਕਾਰ ਨੇ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਸੀ ਪਰ ਭਾਰਤ ਸਰਕਾਰ ਵੱਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਭਾਰਤ ਸਰਕਾਰ ਵੱਲੋਂ ਸਿੱਖ ਫਾਰ ਜਸਟਿਸ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ ਗਿਆ ਹੈ।